ਰੈੱਡ ਕਰਾਸ ਦੇ ਨਸ਼ਾ ਛੁਡਾਊ ਕੇਂਦਰ ਵੱਲੋਂ ਸਿਹਤ ਵਿਭਾਗ ਦੇ ਪੋਰਟਲ ਉੱਪਰ ਰਜਿਸਟਰਡ ਨਾ ਕਰਾਉਣ ਕਾਰਨ ਦਵਾਈ ਦੀ ਸਪਲਾਈ ’ਚ ਆਈ ਸੀ ਸਮੱਸਿਆ।
ਗੁਰਦਾਸਪੁਰ, 30 ਨਵੰਬਰ
ਸੂਸ਼ੀਲ ਕੁਮਾਰ ਬਰਨਾਲਾ-:
ਭਾਰਤ ਸਰਕਾਰ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਦੇ ਸਹਿਯੋਗ ਨਾਲ ਪੰਜਾਬ ਰੈੱਡ ਕਰਾਸ ਸੁਸਾਇਟੀ ਵੱਲੋਂ ਗੁਰਦਾਸਪੁਰ ਵਿਖੇ ਚਲਾਏ ਜਾ ਰਹੇ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਵਿਖੇ ਮਰੀਜ਼ਾਂ ਨੂੰ ਨਸ਼ਾ ਛੁਡਾਉਣ ਲਈ ਦਿੱਤੀ ਜਾਂਦੀ ਇੱਕ ਦਵਾਈ (ਬੂਪਰੀਨਾਰਫਿਨ) ਦੀ ਸਪਲਾਈ ਸਿਹਤ ਵਿਭਾਗ ਵੱਲੋਂ ਮੁੜ ਬਹਾਲ ਕਰ ਦਿੱਤੀ ਗਈ ਹੈ ਅਤੇ ਹੁਣ ਇਸ ਨਸ਼ਾ ਛੁਡਾਊ ਕੇਂਦਰ ਵਿੱਚ ਦਵਾਈ ਦੀ ਕੋਈ ਘਾਟ ਨਹੀਂ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਗੁਰਦਾਸਪੁਰ ਸਥਿਤ ਇਹ ਨਸ਼ਾ ਛੁਡਾਊ ਕੇਂਦਰ ਭਾਰਤ ਸਰਕਾਰ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਦੇ ਸਹਿਯੋਗ ਨਾਲ ਪੰਜਾਬ ਰੈੱਡ ਕਰਾਸ ਸੁਸਾਇਟੀ ਵੱਲੋਂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰ ਨਸ਼ਾ ਛੁਡਾਊ ਕੇਂਦਰ ਅਤੇ ਓਟ ਸੈਂਟਰ ਨੂੰ ਦਵਾਈ ਪ੍ਰਾਪਤ ਕਰਨ ਲਈ ਸਿਹਤ ਵਿਭਾਗ ਦੇ ਪੋਰਟਲ ਉੱਪਰ ਰਜਿਸਟਰਡ ਕਰਨਾ ਜਰੂਰੀ ਹੈ ਤਾਂ ਜੋ ਦਵਾਈਆਂ ਸਬੰਧੀ ਪੂਰੀ ਪਾਰਦਰਸ਼ਤਾ ਬਣੀ ਰਹੇ। ਉਨ੍ਹਾਂ ਦੱਸਿਆ ਕਿ ਰੈੱਡ ਕਰਾਸ ਦੇ ਨਸ਼ਾ ਛੁਡਾਊ ਕੇਂਦਰ ਵੱਲੋਂ ਦਵਾਈ ਲੈਣ ਲਈ ਸਿਹਤ ਵਿਭਾਗ ਦੇ ਪੋਰਟਲ ਉੱਪਰ ਰਜਿਸਟਰਡ ਨਹੀਂ ਕਰਵਾਇਆ ਗਿਆ ਸੀ ਜਿਸ ਕਾਰਨ ਇਥੇ ਥੋੜਾ ਸਮਾਂ ਦਵਾਈ ਸਪਲਾਈ ਦੀ ਸਮੱਸਿਆ ਆਈ ਸੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਦੋਂ ਇਹ ਮਸਲਾ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਇਆ ਤਾਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਤੁਰੰਤ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਗੁਰਦਾਸਪੁਰ ਨੂੰ ਪੋਰਟਲ ਉੱਪਰ ਰਜਿਸਟਰਡ ਕਰਵਾ ਕੇ ਦਵਾਈ ਦੀ ਸਪਲਾਈ ਨੂੰ ਬਹਾਲ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਭਵਿੱਖ ਵਿੱਚ ਇਸ ਕੇਂਦਰ ’ਚ ਦਵਾਈ ਦੀ ਸਪਲਾਈ ਵਿੱਚ ਕੋਈ ਮੁਸ਼ਕਲ ਨਹੀਂ ਆਵੇਗੀ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਰੈੱਡ ਕਰਾਸ ਸੁਸਾਇਟੀ ਵੱਲੋਂ ਗੁਰਦਾਸਪੁਰ ਵਿਖੇ ਚਲਾਏ ਜਾ ਰਹੇ ਇਸ ਨਸ਼ਾ ਛੁਡਾਊ ਕੇਂਦਰ ਵੱਲੋਂ ਪਿਛਲੇ ਕਈ ਦਹਾਕਿਆਂ ਤੋਂ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ ਹਜ਼ਾਰਾਂ ਵਿਅਕਤੀਆਂ ਨੂੰ ਨਸ਼ੇ ਦੀ ਦਲ-ਦਲ ਵਿਚੋਂ ਕੱਢ ਕੇ ਨਵੀਂ ਜ਼ਿੰਦਗੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਨਸ਼ਾ ਛੁਡਾਊ ਕੇਂਦਰ ਨੂੰ ਭਵਿੱਖ ਵਿੱਚ ਵੀ ਹਰ ਤਰਾਂ ਦਾ ਸਹਿਯੋਗ ਕੀਤਾ ਜਾਵੇਗਾ।