ਅੱਤਵਾਦੀਆਂ ਦੀ ਪਨਾਹਗਾਹ ਬਣਿਆ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ ਆਵੇ : ਪਰਮਜੀਤ ਸਿੰਘ ਗਿੱਲ
(ਅਨੀਤਾ ਬੇਦੀ ਨਿਰਮਲ ਸਿੰਘ)
ਗਿੱਲ ਨੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਦੀ ਕੀਤੀ ਕਰੜੀ ਨਿੰਦਾ
ਹਿਮਾਲਿਆ ਪਰਿਵਾਰ ਸੰਗਠਨ ਦੇ ਕੌਮੀ ਮੀਤ ਪ੍ਰਧਾਨ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਗਿੱਲ ਨੇ ਪਾਕਿਸਤਾਨ ਨੂੰ ਅੱਤਵਾਦੀਆਂ ਦੀ ਪਨਾਹਗਾਹ ਕਰਾਰ ਦਿੰਦਿਆਂ ਪਹਿਲਗਾਮ ਵਿੱਚ ਹੋਈ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ।
ਉਹਨਾਂ ਨੇ ਕਿਹਾ ਕਿ ਬੀਤੀ ਕੱਲ ਪਹਿਲਗਾਮ ਵਿੱਚ ਟੂਰਿਸਟਾਂ ਤੇ ਜੋ ਅੱਤਵਾਦੀ ਹਮਲਾ ਹੋਇਆ ਹੈ ਇਹ ਪਾਕਿਸਤਾਨ ਦੀ ਕਾਇਰਾਨਾ ਹਰਕਤ ਹੈ ਅਤੇ ਅੱਤਵਾਦੀਆਂ ਨੂੰ ਹਥਿਆਰ ਅਤੇ ਸਾਰੀ ਸਿਖਲਾਈ ਪਾਕਿਸਤਾਨ ਵੱਲੋਂ ਦਿੱਤੀ ਜਾਂਦੀ ਹੈ ਜੋ ਹਰ ਵੇਲੇ ਭਾਰਤ ਵਿੱਚ ਦਹਿਸ਼ਤ ਫੈਲਾਉਣ ਦੇ ਮਨਸੂਬੇ ਨਾਲ ਘੁਸਪੈਠ ਕਰਾਉਂਦਾ ਰਹਿੰਦਾ ਹੈ।
ਉਹਨਾਂ ਨੇ ਕਿਹਾ ਕਿ ਪਾਕਿਸਤਾਨ ਨੂੰ ਕਰੜਾ ਸਬਕ ਸਿਖਾਇਆ ਜਾਵੇਗਾ ਜਿਸ ਲਈ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਿਹ ਮੰਤਰੀ ਅਮਿਤ ਸ਼ਾਹ ਵੱਲੋਂ ਸੁਰੱਖਿਆ ਫੋਰਸਾਂ ਨੂੰ ਸਖਤ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਅੱਤਵਾਦੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।
ਉਹਨਾਂ ਨੇ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਹਿੰਦੁਸਤਾਨੀਆਂ ਦੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕਰਦੇ ਹੋਏ ਇਸ ਦੁੱਖ ਦੀ ਘੜੀ ਵਿੱਚ ਸ਼ਾਮਿਲ ਹੁੰਦਿਆਂ ਕਿਹਾ ਕਿ ਦੇਸ਼ ਭਰ ਵਿੱਚ ਇਸ ਘਟਨਾ ਪ੍ਰਤੀ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਦੇਸ਼ ਗੁੱਸੇ ਦੇ ਆਲਮ ਵਿੱਚ ਹੈ।
ਉਹਨਾਂ ਨੇ ਕਿਹਾ ਕਿ ਦੇਸ਼ ਦੀਆਂ ਸੁਰੱਖਿਆ ਫੋਰਸਾਂ ਐਕਸ਼ਨ ਵਿੱਚ ਹਨ ਅਤੇ ਪਹਿਲਗਾਮ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਅੱਤਵਾਦੀਆਂ ਨੂੰ ਬਿਲਕੁਲ ਵੀ ਮਾਫ ਨਹੀਂ ਕੀਤਾ ਜਾਵੇਗਾ ਤੇ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਨੂੰ ਦੇਸ਼ ਦੀਆਂ ਸੁਰੱਖਿਆ ਫੋਰਸਾਂ ਮਿੱਟੀ ਵਿੱਚ ਮਿਲਾ ਦੇਣਗੀਆਂ।