ਨਸ਼ਿਆਂ ਵਿਰੁੱਧ ਲੋਕਾਂ ਨੂੰ ਇੱਕਜੁੱਟ ਹੋ ਕੇ ਲੜਨ ਦਾ ਦਿੱਤਾ ਸੱਦਾ-ਨਸ਼ਾ ਮੁਕਤ ਸਮਾਜ ਬਣਾਉਣ ਦੀ ਪਹਿਲ, ਪਿੰਡ ਵਾਸੀਆਂ ਨਾਲ ਕੀਤੀ ਜਨਸਭਾ
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 20 ਮਈ ( ਸੁਖਨਾਮ ਸਿੰਘ ਹਰਮੇਸ਼ ਸਿੰਘ ) ਪੰਜਾਬ ਸਰਕਾਰ ਵਲੋਂ ‘ਯੁੱਧ ਨਸਿਆਂ ਵਿਰੁੱਧ’ ਮੁਹਿੰਮ ਤਹਿਤ ਚੱਲ ਰਹੀ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਮੌਕੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਵਲੋਂ ਪਿੰਡ ਬੂਜਿਆਂਵਾਲੀ ਵਿੱਚ ਜਨ ਸਭਾ ਕੀਤੀ ਗਈ ਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ। ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ ਲੜਨ ਲਈ ਸਹੁੰ ਵੀ ਚੁਕਾਈ ਗਈ।
ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਦਾ ਤਹੱਈਆ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਨਸ਼ਿਆਂ ਵਿਰੁੱਧ ਚੱਲ ਰਹੀ ਇਸ ਮੁਹਿੰਮ ਵਿੱਚ ਪਿੰਡ ਵਾਲਿਆਂ ਦਾ ਸਾਥ ਬਹੁਤ ਜ਼ਰੂਰੀ ਹੈ ਤਾਂ ਜੋ ਹਰ ਇੱਕ ਪਿੰਡ ਵਿੱਚ ਨਸ਼ਾ ਖਤਮ ਹੋ ਸਕੇ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਲੱਕ ਤੋੜਨ ਲਈ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਦਿਆਂ ਖੇਡਾਂ ਖੇਡਣ ਵੱਲ ਉਤਸਾਹਿਤ ਕੀਤਾ ਜਾ ਰਿਹਾ ਹੈ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਨਸ਼ਾ ਤਸਕਰਾਂ ਖਿਲਾਫ ਫੈਸਲਾਕੁੰਨ ਜੰਗ ਆਰੰਭੀ ਗਈ ਹੈ ਤਾਂ ਜੋ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਕੇ ਆਉਣ ਵਾਲੀਆਂ ਪੀੜੀਆਂ ਨੂੰ ਫਿਰ ਤੋਂ ਹੱਸਦਾ ਵੱਸਦਾ ਪੰਜਾਬ ਮਿਲ ਸਕੇ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਕਰਾਰ ਕਰਨ ਕਿ ਉਹ ਨਸ਼ਾ ਤਸਕਰਾਂ ਦੀ ਕਿਸੇ ਵੀ ਤਰੀਕੇ ਨਾਲ ਮਦਦ ਨਹੀਂ ਕਰਨਗੇ ਤਾਂ ਜੋ ਅਸੀ ਆਪਣੇ ਬੱਚਿਆਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾ ਸਕੀਏ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਸਰਕਾਰੀ ਉਪਰਾਲਿਆਂ ਨਾਲ ਨਾਲ ਸਮੂਹ ਸਮਾਜ ਦੀ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ।