ਦਿੜ੍ਹਬਾ : ਜੈ ਜਵਾਨ ਜੈ ਕਿਸਾਨ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਲਈ 117 ਸੀਟਾਂ ’ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਅਮਨਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਪਾਰਟੀ ਪ੍ਰਧਾਨ ਬਲਜੀਤ ਸਿੰਘ ਔਲਖ ਦੀ ਅਗਵਾਈ ਹੇਠ ਜੈ ਜਵਾਨ ਜੈ ਕਿਸਾਨ ਪਾਰਟੀ ਪੰਜਾਬ ਅੰਦਰ ਰਿਵਾਇਤੀ ਪਾਰਟੀਆਂ ਨੂੰ ਸਤਾ ਤੋਂ ਦੂਰ ਕਰਨ ਲਈ ਅਤੇ ਪੰਜਾਬ ਦੇ ਲੋਕਾਂ ਦੇ ਭਲੇ ਲਈ ਮੈਦਾਨ ਵਿਚ ਆਈ ਹੈ। ਪਾਰਟੀ ਚੋਣਾਂ ਵਿਚ ਸਾਫ-ਸੁਥਰੀ ਦਿਖ ਵਾਲੇ ਅਤੇ ਪੰਜਾਬ ਦੇ ਭਲੇ ਲਈ ਕੰਮ ਕਰਨ ਵਾਲੇ ਉਮੀਦਵਾਰਾਂ ਨੂੰ ਮੈਦਾਨ ਵਿਚ ਉਤਾਰ ਰਹੀ ਹੈ। ਪੰਜਾਬ ਦੇ ਵੱਖ-ਵੱਖ ਹਲਕਿਆਂ ਤੋਂ 36 ਉਮੀਦਵਾਰਾਂ ਦੀ ਸੂਚੀ ਜਾਰੀ ਕਰਦੇ ਹੋਏ ਅਮਨਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਵੱਲੋ ਹੋਰ ਪਾਰਟੀਆਂ ਲਈ ਵੀ ਸਮਝੌਤੇ ਦੇ ਦਰਵਾਜ਼ੇ ਖੁੱਲ੍ਹੇ ਛੱਡੇ ਹੋਏ ਹਨ। ਹਲਕਾ ਸਾਹਨੇਵਾਲ ਤੋਂ ਪੰਜਾਬ ਲੋਕ ਕਾਂਗਰਸ ਦੇ ਆਗੂ ਗੁਰਦੀਪ ਸਿੰਘ ਕਾਹਲੋਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਲੋਕ ਲੁਭਾਊ ਵਾਅਦਿਆਂ ਵਾਲੀਆਂ ਪਾਰਟੀਆਂ ਤੋਂ ਅੱਕ ਚੁੱਕੇ ਹਨ। ਇਸ ਕਰ ਕੇ ਉਹ ਪੰਜਾਬ ਅੰਦਰ ਪੰਜਾਬ ਬਚਾਉਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਲੋਕਾਂ ਨੂੰ ਰਾਜਨੀਤਕ ਤੌਰ ’ਤੇ ਜਾਗਰੂਕ ਕਰਨ ਲਈ ਯਤਨਸ਼ੀਲ ਹਨ। ਇਸ ਮੌਕੇ ਤਜਿੰਦਰ ਸਿੰਘ ਪ੍ਰਧਾਨ ਲੀਗਲ ਸੈੱਲ ਦੁਆਬਾ ਜ਼ੋਨ ਵੀ ਹਾਜ਼ਰ ਸਨ।