ਭਾਰਤੀ ਚੋਣ ਕਮਿਸ਼ਨ ਦਾ ਕੀਤਾ ਧੰਨਵਾਦ
ਸੰਗਰੂਰ, 18ਜਨਵਰੀ (ਨਰੇਸ ਤਨੇਜਾ )- ਭਾਰਤੀ ਚੋਣ ਕਮਿਸ਼ਨ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਸੂਬੇ ਵਿੱਚ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਾਰੀਖ ਵਧਾ ਕੇ 20 ਫਰਵਰੀ ਕਰਨ ਦਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਹਲਕਾ ਲਹਿਰਾ ਤੋਂ ਉਮੀਦਵਾਰ ਸ੍ਰ. ਪਰਮਿੰਦਰ ਸਿੰਘ ਢੀਂਡਸਾ ਨੇ ਤਹਿ ਦਿਲੋਂ ਸਵਾਗਤ ਕੀਤਾ ਹੈ | ਉਨ੍ਹਾਂ ਚੋਣ ਕਮਿਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਲਿਆ ਗਿਆ ਇਹ ਫੈਸਲਾ ਬੇਹੱਦ ਸ਼ਲਾਘਾਯੋਗ ਹੈ |
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ੍ਰ. ਸੁਖਦੇਵ ਸਿੰਘ ਢੀਂਡਸਾ ਵੱਲੋਂ ਪਿਛਲੇ ਦਿਨੀਂ 14 ਫਰਵਰੀ ਨੂੰ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸ਼੍ਰੀ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੂੰ ਅੱਗੇ ਪਾਉਣ ਦੀ ਮੰਗ ਕੀਤੀ ਗਈ ਸੀ | ਚੋਣ ਕਮਿਸ਼ਨ ਨੂੰ ਲਿਖੇ ਪੱਤਰ ਵਿੱਚ ਸ੍ਰ. ਢੀਂਡਸਾ ਨੇ ਕਿਹਾ ਸੀ ਕਿ 16 ਫਰਵਰੀ ਸ਼੍ਰੀ ਗੁਰੂ ਰਵੀਦਾਸ ਜੀ ਦਾ ਜਨਮ ਦਿਹਾੜਾ ਹੈ | ਇਸ ਸੰਬੰਧੀ ਪੰਜਾਬ ਦੇ ਵੱਡੀ ਗਿਣਤੀ ਵੱਖ-ਵੱਖ ਭਾਈਚਾਰੇ ਵੱਲੋਂ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਣੇ ਹਨ | ਸ਼ਰਧਾਲੂ ਇਨ੍ਹਾਂ ਦਿਨਾਂ ਵਿੱਚ ਸ਼੍ਰੀ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਵਿੱਚ ਰੁਝੇ ਹੋਣ ਕਰਕੇ ਚੋਣਾਂ ਵਿੱਚ ਹਿੱਸਾਂ ਨਹੀਂ ਲੈ ਸਕਣਗੇ, ਜਦੋਂਕਿ ਇਹ ਉਨ੍ਹਾਂ ਦਾ ਸੰਵੈਧਾਨਿਕ ਅਧਿਕਾਰ ਹੈ | ਸ੍ਰ. ਢੀਂਡਸਾ ਵੱਲੋਂ ਲਿਖੇ ਇਸ ਪੱਤਰ ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਚੋਣ ਕਮਿਸ਼ਨ ਵੱਲੋਂ 14 ਫਰਵਰੀ ਨੂੰ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਦੀ ਤਾਰੀਖ ਅੱਗੇ ਵਧਾ ਕੇ 20 ਫਰਵਰੀ ਕਰ ਦਿੱਤੀ ਹੈ |