ਚੰਡੀਗੜ੍ਹ : ਸ੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਨੌਜਵਾਨ ਆਗੂ ਦਮਨਵੀਰ ਸਿੰਘ ਫਿਲੌਰ ਨੂੰ ਪਾਰਟੀ ਦਾ ਰਾਸ਼ਟਰੀ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ’ਤੇ ਦਮਨਵੀਰ ਸਿੰਘ ਫਿਲੌਰ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਬਹੁਤ ਵੱਡਾ ਹੈ। ਸੁਖਦੇਵ ਸਿੰਘ ਢੀਂਡਸਾ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਹੈ ਉਹ ਉਸ ਨੂੰ ਨਿਭਾਉਣ ’ਚ ਕੋਈ ਕਸਰ ਨਹੀਂ ਛੱਡਣਗੇ ਅਤੇ ਉਹ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨਗੇ।
ਦਮਨਵੀਰ ਸਿੰਘ ਫਿਲੌਰ ਨੇ ਅੱਗੇ ਕਿਹਾ ਕਿ ਸੱਤਾਧਾਰੀ ਪਾਰਟੀ ਕਾਂਗਰਸ ,ਅਕਾਲੀ ਅਤੇ ਆਮ ਆਦਮੀ ਪਾਰਟੀ ਦੀ ਲੋਕਾਂ ਦੀ ਭਲਾਈ ’ਚ ਕੋਈ ਦਿਲਚਸਪੀ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ,ਪੰਜਾਬ ਲੋਕ ਕਾਂਗਰਸ ਅਤੇ ਸ੍ਰੋਮਣੀ ਅਕਾਲੀ ਦਲ (ਸੰਯੁਕਤ) ਗਠਜੋੜ ਪੰਜਾਬ ’ਚ ਅਗਲੀ ਸਰਕਾਰ ਬਣਾਏਗਾ ਕਿਉਂਕਿ ਬਾਕੀ ਸਾਰੇ ਦਲ ਸੂਬੇ ਨੂੰ ਰੇਤ,ਨ਼ਸ਼ੀਲੀਆਂ ਦਵਾਈਆਂ,ਟ੍ਰਾਂਸਪੋਰਟ ਮਾਫੀਆ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਚਿੰਤਤ ਹਨ। ਬੇਅਦਬੀ ਮਾਮਲਿਆਂ ’ਚ ਇਨਸਾਫ ਨਹੀਂ ਮਿਲ ਰਿਹਾ,ਆਰਥਿਕ ਵਿਕਾਸ ਅਤੇ ਬੇਰੁਜਗਾਰੀ ਨੂੰ ਬੜ੍ਹਾਵਾ ਦੇਣ ਵਰਗੇ ਅਹਿਮ ਮੁੱਦਿਆਂ ’ਤੇ ਧਿਆਨ ਨਹੀਂ ਦਿੱਤਾ ਗਿਆ।
ਦਮਨਵੀਰ ਸਿੰਘ ਫਿਲੌਰ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਫਿਲੌਰ ਅਤੇ ਪੰਜਾਬ ਦੇ ਵੱਖ ਵੱਖ ਹਿੱਸਿਆਂ ’ਚ ਭ੍ਰਿਸ਼ਟਾਚਾਰ,ਰੇਤ ਮਾਫੀਆ,ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕਦੇ ਆ ਰਹੇ ਹਨ ਪਰ ਬੜੇ ਦੁੱਖ ਦੀ ਗੱਲ ਹੈ ਕਿ ਅਕਾਲੀ ਦਲ ਦੀ ਤਰ੍ਹਾਂ ਕਾਂਗਰਸ ਨੇ ਵੀ ਇਨ੍ਹਾਂ ਮੁੱਦਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਿਸ ਕਰਕੇ ਪੰਜਾਬ ਦਾ ਮਹੌਲ ਲਗਾਤਾਰ ਵਿਗੜਦਾ ਗਿਆ।
ਦੱਸਣਯੋਗ ਹੈ ਦਮਨਵੀਰ ਸਿੰਘ ਫਿਲੌਰ ਅਤੇ ਉਨ੍ਹਾਂ ਦੇ ਪਿਤਾ ਸਾਬਕਾ ਜੇਲ੍ਹ ਮੰਤਰੀ ਸਰਵਣ ਸਿੰਘ ਫਿਲੌਰ ਸੋਮਵਾਰ ਨੂੰ ਸ੍ਰੋਮਣੀ ਅਕਾਲੀ ਦਲ (ਸੰਯੁਕਤ) ’ਚ ਸ਼ਾਮਲ ਹੋ ਗਏ ਸਨ। ਉਨ੍ਹਾਂ ਇਸ ਕਰਕੇ ਕਾਂਗਰਸ ਛੱਡ ਦਿੱਤੀ ਸੀ ਕਿ ਪਾਰਟੀ ਸਿਧਾਂਤਾਂ’ਤੇ ਖਰ੍ਹੀ ਨਹੀਂ ਉਤਰੀ ਕਿਉਂਕਿ ਕਾਂਗਰਸ ’ਚ ਵੀ ਭਾਈ ਭਤੀਜਵਾਦ ਨੂੰ ਬੜ੍ਹਾਵਾ ਦਿੱਤਾ ਜਾ ਰਿਹਾ ਹੈ।