ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਗੱਲਬਾਤ ਕਰਦਿਆਂ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸਬੰਧੀ ਦਿੱਲੀ ਦੀ ਸਰਕਾਰ ਸਿੱਖ ਜਜ਼ਬਾਤਾਂ ਦੇ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਤੇ ਹੋਰ ਸਿੱਖ ਕੈਦੀ ਜਿਹੜੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਤੁਰੰਤ ਰਿਹਾਈ ਹੋਣੀ ਚਾਹੀਦੀ ਹੈ।
ਧਾਮੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 26 ਦਸੰਬਰ ਨੂੰ ਵੀਰ ਬਾਲ ਦਿਵਸ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਮਨਾਉਣ ਸਬੰਧੀ ਜੋ ਇਹ ਨਾਮ ‘ਵੀਰ ਬਾਲ ਦਿਵਸ’ ਰਖਿਆ ਹੈ ਇਸ ਨਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਸਮੇਂ ਚੋਣ ਕਰਕੇ ਹੀ ਨਾਮ ਚੁਨਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੇ ਨਾਮ ‘ਤੇ ਇਹ ਦਿਨ ਮਨਾਉਣਾ ਗੁਰਮਤਿ ਅਨੁਕੂਲ ਹੋਣਾ ਚਾਹੀਦਾ ਹੈ। ਧਾਮੀ ਨੇ ਕਿਹਾ ਕਿ ਜਿੱਥੇ ਪ੍ਰੋਫੈਸਰ ਕਰਤਾਰ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ ਵਿਚ ਲਾਉਣ ਦਾ ਮਤਾ ਕੀਤਾ ਗਿਆ ਹੈ। ਉਥੇ ਬਰਗਾੜੀ ਕਾਂਡ ਵਿੱਚ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਦੀਆਂ ਤਸਵੀਰਾਂ ਵੀ ਸਿੱਖ ਅਜਾਇਬ ਘਰ ਵਿੱਚ ਲਗਾਈਆਂ ਜਾਣਗੀਆਂ।