ਨਵੀਂ ਦਿੱਲੀ: ਕਾਂਗਰਸ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ 23 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਆਪਣੇ ਚਾਰ ਮੌਜੂਦਾ ਵਿਧਾਇਕਾਂ ਦੀ ਥਾਂ ਲੈ ਲਈ ਹੈ। ਪਾਰਟੀ ਵੱਲੋਂ ਬਦਲੇ ਗਏ ਮੌਜੂਦਾ ਵਿਧਾਇਕਾਂ ਵਿੱਚ ਸਮਰਾਲਾ ਤੋਂ ਅਮਰੀਕ ਸਿੰਘ ਢਿੱਲੋਂ, ਸ਼ੁਤਰਾਣਾ ਤੋਂ ਨਿਰਮਲ ਸਿੰਘ, ਅਮਰਗੜ੍ਹ ਤੋਂ ਸੁਰਜੀਤ ਸਿੰਘ ਧੀਮਾਨ ਅਤੇ ਫਿਰੋਜ਼ਪੁਰ ਦਿਹਾਤੀ ਤੋਂ ਸਤਕਾਰ ਕੌਰ ਸ਼ਾਮਲ ਹਨ। ਅਮਰਗੜ੍ਹ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਸਮਿਤ ਸਿੰਘ ਨੇ ਧੀਮਾਨ ਦੀ ਥਾਂ ਲੈ ਲਈ ਹੈ, ਜਿਨ੍ਹਾਂ ਦੇ ਪੁੱਤਰ ਜਸਵਿੰਦਰ ਧੀਮਾਨ ਨੂੰ ਸੁਨਾਮ ਤੋਂ ਮੈਦਾਨ ‘ਚ ਉਤਾਰਿਆ ਗਿਆ ਹੈ।
ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਦੀ ਨੂੰਹ ਕਰਨ ਬਰਾੜ ਮੁਕਤਸਰ ਤੋਂ ਚੋਣ ਮੈਦਾਨ ਵਿੱਚ ਹਨ। ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਜਵਾਈ ਵਿਕਰਮ ਬਾਜਵਾ ਨੂੰ ਸਾਹਨੇਵਾਲ ਵਿਧਾਨ ਸਭਾ ਹਲਕੇ ਤੋਂ ਟਿਕਟ ਦਿੱਤੀ ਗਈ ਹੈ।
ਪੰਜਾਬ ਦੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਨੂੰ ਮੁੜ ਆਪਣੀ ਬਟਾਲਾ ਵਿਧਾਨ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ, ਜਿਸ ਤੋਂ ਉਹ ਪਿਛਲੀ ਵਾਰ ਹਾਰ ਗਏ ਸਨ। ਸਾਬਕਾ ਵਿਧਾਇਕ ਹਰਚੰਦ ਕੌਰ ਨੂੰ ਮਹਿਲ ਕਲਾਂ (ਐਸਸੀ) ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਭੋਆ (ਐਸਸੀ) ਸੀਟ ਤੋਂ ਮੌਜੂਦਾ ਵਿਧਾਇਕ ਜੋਗਿੰਦਰ ਪਾਲਾ ਨੂੰ ਇਸੇ ਹਲਕੇ ਤੋਂ ਅਤੇ ਰਮਨਜੀਤ ਸਿੰਘ ਸਿੱਕੀ ਨੂੰ ਖਡੂਰ ਸਾਹਿਬ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ
।