ਮੂਣਕ, 27 ਜਨਵਰੀ(ਨਰੇਸ ਤਨੇਜਾ)
‘ਅਕਾਲੀ-ਬਸਪਾ ਸਰਕਾਰ ਬਣਨ ‘ਤੇ ਨੌਜਵਾਨਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ।’ ਇਹ ਦਾਅਵਾ ਵਿਧਾਨ ਸਭਾ ਹਲਕਾ ਲਹਿਰਾ ਤੋਂ ਅਕਾਲੀ-ਬਸਪਾ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹੱਕ ਵਿਚ ਅੱਜ ਪਿੰਡ ਹਮੀਰਗੜ੍ਹ ਅਤੇ ਭੂੰਦੜ ਭੈਣੀ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਕਾਕਾ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਘਰ-ਘਰ ਨੌਕਰੀ ਦੇਣ ਅਤੇ ਬੇਰੁਜ਼ਗਾਰਾਂ ਨੂੰ 2500 ਰੁਪਏ ਭੱਤੇ ਦੇਣ ਦੇ ਝੂਠੇ ਵਾਅਦੇ ਕੀਤੇ ਸਨ।ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ ਬੇਰੁਜ਼ਗਾਰੀ ਵਿਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਸਰਕਾਰ ਬਣਨ ‘ਤੇ ਇਕ ਲੱਖ ਸਰਕਾਰੀ ਨੌਕਰੀਆਂ ਅਤੇ ਦਸ ਲੱਖ ਨਿੱਜੀ ਖੇਤਰ ਵਿਚ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਨਿੱਜੀ ਖੇਤਰ ਦੇ ਉਦਯੋਗਾਂ ਵਿਚ 70 ਫੀਸਦੀ ਰੁਜ਼ਗਾਰ ਪੰਜਾਬ ਦੇ ਨੌਜਵਾਨਾਂ ਲਈ ਰਾਖ਼ਵਾ ਕਰਨ ਲਈ ਵਿਸ਼ੇਸ਼ ਐਕਟ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਸਰਕਾਰ ਵਿਚ ਕਿਸੇ ਨੌਜਵਾਨ ਨੂੰ ਰੁਜ਼ਗਾਰ ਖਾਤਰ ਧੱਕੇ ਨਹੀਂ ਖਾਣੇ ਪੈਣਗੇ। ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਵਿਧਾਨ ਸਭਾ ਹਲਕਾ ਲਹਿਰਾ ਤੋਂ ਅਕਾਲੀ-ਬਸਪਾ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਰਿਕਾਰਡਤੋੜ ਵੋਟਾਂ ਨਾਲ ਜੇਤੂ ਬਣਾ ਕੇ ਵਿਧਾਨ ਸਭਾ ਵਿਚ ਭੇਜਿਆ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਲਾਲੀ ਸਿੰਘ, ਗੁਰਸੇਵਕ ਸਿੰਘ, ਸਤਨਾਮ ਸਿੰਘ, ਬਿੱਟੂ ਸਿੰਘ, ਲਾਲਾ ਸਿੰਘ, ਸੋਨੀ ਸਿੰਘ, ਗੁਰਪ੍ਰੀਤ ਸਿੰਘ, ਕਾਲੂ ਸਿੰਘ, ਸੁਰਿੰਦਰ ਸਿੰਘ, ਕੁਲਦੀਪ ਸਿੰਘ, ਬਲਕਾਰ ਸਿੰਘ ਝਿੰਜਰ, ਸਤਗੁਰ ਸਿੰਘ ਝਿੰਜਰ, ਅਤੇ ਗੁਰਪਿੰਦਰ ਸਿੰਘ ਆਦਿ ਵੀ ਹਾਜ਼ਰ ਸਨ।