ਮੂਨਕ (ਨਰੇਸ ਤਨੇਜਾ) ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਵਿਧਾਨ ਸਭਾ ਹਲਕਾ ਲਹਿਰਾ ਨੂੰ ਪੰਜਾਬ ਦਾ ਮਾਡਲ ਹਲਕਾ ਬਣਾਇਆ ਜਾਵੇਗਾ। ਇਸ ਹਲਕੇ ਵਿਚ ਸਿਹਤ, ਸਿੱਖਿਆ ਅਤੇ ਰੁਜ਼ਗਾਰ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ।’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਆਪ ਪਾਰਟੀ ਦੇ ਉਮੀਦਵਾਰ ਐਡਵੋਕੇਟ ਵਰਿੰਦਰ ਕੁਮਾਰ ਗੋਇਲ ਨੇ ਕੀਤਾ। ਉਹਨਾਂ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆਂ ਪੌਣੀ ਸਦੀ ਤੋਂ ਉਪਰ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡਾਂ-ਕਸਬਿਆਂ ਵਿਚ ਗਲੀਆਂ,ਨਾਲੀਆਂ ਤੇ ਸੜਕਾਂ ਦਾ ਵਿਕਾਸ ਹੀ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਮੂਣਕ ਵਿਚ ਸਰਕਾਰੀ ਹਸਪਤਾਲ ਦਾ ਬੁਰਾ ਹਾਲ ਹੈ। ਉਚੇਰੀ ਸਿੱਖਿਆ ਲਈ ਕੋਈ ਸਰਕਾਰੀ ਸੰਸਥਾ ਨਾ ਹੋਣ ਕਾਰਨ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਪੜ੍ਹਾਈ ਵਾਸਤੇ ਦੂਰ-ਦੂਰਾਡੇ ਭੇਜਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਹਲਕੇ ਤੋਂ ਪੰਜ ਵਾਰ ਵਿਧਾਇਕ ਬਣੀ ਬੀਬੀ ਰਜਿੰਦਰ ਕੌਰ ਭੱਠਲ ਨੇ ਕਦੇ ਵੀ ਇਸ ਹਲਕੇ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਤੋਂ ਇਸ ਹਲਕੇ ਦੀ ਨੁਮਾਇੰਦਗੀ ਕਰ ਰਹੇ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਕਿਸਾਨ ਵਿਰੋਧੀ ਭਾਜਪਾ ਨਾਲ ਸਾਂਝ ਪਾ ਕੇ ਆਪਣੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਲਹਿਰਾ ਹਲਕੇ ਵਿਚ ਵਿਕਾਸ ਦੀ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਤਰਸੇਮ ਰਾਓ, ਵਿਕਰਮ ਜੈਨ, ਸਤੀਸ ਕੁਮਾਰ, ਬੱਬੂ ਸਿੰਗਲਾ, ਮਿੱਠੂ ਸੈਣੀ, ਸੰਮੀ ਮੂਨਕ, ਅਸਵਨੀ ਗਰਗ ਆਦਿ ਵੀ ਹਾਜ਼ਰ ਸਨ।