ਮੂਣਕ, 31 ਜਨਵਰੀ
‘ਪਿਛਲੇ ਪੰਜ ਸਾਲਾਂ ਦੌਰਾਨ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਹਲਕਾ ਲਹਿਰਾ ਨਾਲ ਮਤਰੇਆ ਸਲੂਕ ਕੀਤਾ ਹੈ, ਜਿਸ ਕਾਰਨ ਹਲਕੇ ਦੇ ਲੋਕ ਜੀਵਨ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਵੀ ਤਰਸ ਰਹੇ ਹਨ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੋਂ ਨੇੜਲੇ ਪਿੰਡ ਕੁਦਨੀ ਵਿਚ ਅਕਾਲੀ-ਬਸਪਾ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਹੱਕ ‘ਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਕਾਕਾ ਨਵਇੰਦਰਪ੍ਰੀਤ ਸਿੰਘ ਲੌੰਗੋਵਾਲ ਨੇ ਕੀਤਾ।
ਉਨ੍ਹਾਂ ਕਿਹਾ ਕਿ ਜਦੋਂ-ਜਦੋਂ ਵੀ ਵਿਧਾਨ ਸਭਾ ਹਲਕਾ ਲਹਿਰਾ ਦਾ ਕੋਈ ਵਿਕਾਸ ਹੋਇਆ ਉਹ ਸਿਰਫ ਅਕਾਲੀ ਸਰਕਾਰ ਵੇਲੇ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਹਲਕੇ ਦੇ ਲੋਕਾਂ ਦੀ ਲੋੜ ਨੂੰ ਵੇਖਦਿਆਂ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਰਜਵਾਹਾ ਕਢਵਾ ਕੇ ਖੇਤਾਂ ਨੂੰ ਆਬਾਦ ਕਰਵਾਇਆ ਸੀ। ਘੱਗਰ ਦੇ ਪਹਿਲੇ ਫੇਜ਼ ਦਾ ਕੰਮ ਵੀ ਪਿਛਲੀ ਅਕਾਲੀ ਸਰਕਾਰ ਵੇਲੇ ਹੀ ਹੋਇਆ। ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਸਰਕਾਰ ਬਣਨ ‘ਤੇ ਘੱਗਰ ਦਾ ਰੁਕਿਆ ਹੋਇਆ ਦੂਜੇ ਫੇਜ਼ ਦਾ ਕੰਮ ਵੀ ਜਲਦੀ ਮੁਕੰਮਲ ਕਰਵਾਇਆ ਜਾਵੇਗਾ ਤਾਂ ਜੋ ਘੱਗਰ ਨੇੜਲੇ ਪਿੰਡਾਂ ਦੇ ਖੇਤ ਹੜ੍ਹਾਂ ਦੀ ਮਾਰ ਤੋਂ ਸਦਾ ਲਈ ਸੁਰੱਖਿਅਤ ਕੀਤੇ ਜਾ ਸਕਣ। ਉਨ੍ਹਾਂ ਨੇ ਅਪੀਲ ਕੀਤੀ ਕਿ ਲਹਿਰਾ ਹਲਕੇ ਤੋਂ ਵੱਧ ਤੋਂ ਵੱਧ ਵੋਟਾਂ ਦੇ ਫਰਕ ਨਾਲ ਅਕਾਲੀ-ਬਸਪਾ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਜਿਤਾਇਆ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਨਿਰਮਲ ਸਿੰਘ ਕੜੈਲ ਸਾਬਕਾ ਚੇਅਰਮੈਨ, ਮਲਕੀਤ ਸਿੰਘ ਸਾਬਕਾ ਐਮ.ਸੀ. ਮੂਣਕ, ਜਰਨੈਲ ਸਿੰਘ ਸਾਬਕਾ ਸਰਪੰਚ, ਲਖਵਿੰਦਰ ਸਿੰਘ, ਧਰਮਿੰਦਰ ਸਿੰਘ, ਦਿਆਲ ਸਿੰਘ, ਹਰਭਜਨ ਸਿੰਘ, ਜਗਜੀਤ ਸਿੰਘ, ਦੇਸਾ ਸਿੰਘ ਫੌਜੀ, ਜਥੇਦਾਰ ਮਹਿੰਦਰ ਸਿੰਘ, ਜਥੇਦਾਰ ਬਹਾਦਰ ਸਿੰਘ, ਕੇਵਲ ਸਿੰਘ, ਰੇਸ਼ਮ ਸਿੰਘ, ਗੁਰਜੀਤ ਸਿੰਘ ਅਤੇ ਸੋਹਣ ਲਾਲ ਆਦਿ ਵੀ ਹਾਜ਼ਰ ਸਨ।