ਇਲੈਕਟ੍ਰੋਨਿਕ ਮੀਡੀਆ ਉਤੇ ਇਸ਼ਤਹਾਰ ਦੇਣ ਤੋਂ ਪਹਿਲਾਂ ਕਮੇਟੀ ਦੀ ਪ੍ਰਵਾਨਗੀ ਲੈਣੀ ਜ਼ਰੂਰੀ
ਬਟਾਲਾ, ( ਰਛਪਾਲ ਸਿੰਘ ) – ਵਿਧਾਨ ਸਭਾ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਮੀਡੀਆ ਉਤੇ ਕੀਤੇ ਜਾਣ ਵਾਲੇ ਖਰਚ ਅਤੇ ਪੇਡ ਨਿਊਜ਼ ਉੱਤੇ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ (ਐੱਸ.ਸੀ.ਐੱਮ.ਸੀ) ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐੱਮ.ਸੀ.ਐੱਮ.ਸੀ ਸੈੱਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ, ਬਲਾਕ ਏ, ਦੂਜੀ ਮੰਜ਼ਿਲ, ਕਮਰਾ ਨੰਬਰ 314 ਵਿਚ ਸਥਾਪਤ ਕੀਤਾ ਗਿਆ ਹੈ।
ਐੱਸ.ਸੀ.ਐੱਮ.ਸੀ ਕਮੇਟੀ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਧਿਕਾਰੀ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਵੱਲੋਂ ਸਾਰੇ ਉਮੀਦਵਾਰਾਂ ਵੱਲੋਂ ਮੀਡੀਆ, ਜਿਸ ਵਿਚ ਅਖਬਾਰ, ਰੇਡੀਓ, ਟੀ ਵੀ, ਈ-ਪੇਪਰ ਅਤੇ ਸੋਸ਼ਲ ਮੀਡੀਆ ਆਦਿ ਸ਼ਾਮਿਲ ਹਨ, ਉਪਰ ਕੀਤੇ ਜਾ ਰਹੇ ਪ੍ਰਚਾਰ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਜੇਕਰ ਕਿਸੇ ਵੀ ਉਮੀਦਵਾਰ ਦਾ ਇਸ਼ਤਿਹਾਰ ਮਿਲਦਾ ਹੈ ਤਾਂ ਉਸ ਨੂੰ ਉਸਦੇ ਚੋਣ ਖਰਚੇ ਵਿਚ ਸ਼ਾਮਿਲ ਕਰਨ ਲਈ ਸਬੰਧਤ ਰਿਟਰਨਿੰਗ ਅਧਿਕਾਰੀ ਨੂੰ ਤੁਰੰਤ ਜਾਣਕਾਰੀ ਦਿੱਤੀ ਜਾ ਰਹੀ ਹੈ, ਤਾਂ ਜੋ ਇਹ ਖਰਚਾ ਉਸਦੇ ਚੋਣ ਖਰਚੇ ਵਿਚ ਸ਼ਾਮਿਲ ਕੀਤਾ ਜਾ ਸਕੇ।
ਜ਼ਿਲਾ ਚੋਣ ਅਧਿਕਾਰੀ ਨੇ ਦੱਸਿਆ ਕਿ ਇਲੈਕਟ੍ਰੋਨਿਕ ਮੀਡੀਆ ਜਿਸ ਵਿਚ ਈ-ਪੇਪਰ ਤੇ ਸੋਸ਼ਲ ਮੀਡੀਆ ਵੀ ਸ਼ਾਮਿਲ ਹਨ, ਵਿਚ ਇਸ਼ਤਹਾਰ ਦੇਣ ਲਈ ਐੱਸ.ਸੀ.ਐੱਮ.ਸੀ ਕੋਲੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ ਅਤੇ ਕਮੇਟੀ ਇਸ ਦੀ ਜਿੱਥੇ ਸਕਰਪਿਟ ਦੇਖੀ ਜਾਂਦੀ ਹੈ ਉਥੇ ਇਸ਼ਤਿਹਾਰ ਬਨਾਉਣ ਤੇ ਲਗਾਉਣ ਉਤੇ ਆਏ ਖਰਚੇ ਦੀ ਜਾਣਕਾਰੀ ਲੈ ਕੇ ਇਹ ਆਗਿਆ ਦਿੱਤੀ ਜਾਂਦੀ ਹੈ। ਉਨਾਂ ਕਿਹਾ ਕਿ ਜੇਕਰ ਕੋਈ ਅਦਾਰਾ ਉਮੀਦਵਾਰ ਦੀ ਲਿਖਤੀ ਆਗਿਆ ਤੇ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਇਸ਼ਤਹਾਰ ਲਗਾ ਦਿੰਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
ਜ਼ਿਲਾ ਚੋਣ ਅਧਿਕਾਰੀ ਨੇ ਦੱਸਿਆ ਕਿ ਜੇਕਰ ਕੋਈ ਉਮੀਦਵਾਰ ਮੁੱਲ ਦੀ ਖਬਰ ਕਿਸੇ ਵੀ ਮੀਡੀਆ ਵਿਚ ਲਗਾਉਂਦਾ ਜਾਂ ਛਪਾਉਂਦਾ ਹੈ ਤਾਂ ਜਿੱਥੇ ਉਕਤ ਉਮੀਦਵਾਰ ਦੇ ਚੋਣ ਖਰਚੇ ਵਿਚ ਇਸ ਖਬਰ ਦਾ ਖਰਚਾ ਸ਼ਾਮਿਲ ਕੀਤਾ ਜਾਵੇਗਾ, ਉਥੇ ਚੋਣ ਕਮਿਸ਼ਨ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਕਤ ਅਦਾਰੇ ਵਿਰੁੱਧ ਕਾਰਵਾਈ ਲਈ ਪ੍ਰੈਸ ਕੌਂਸਲ ਆਫ ਇੰਡੀਆ ਤੇ ਨੈਸ਼ਨਲ ਬਰਾਡਕਾਸਟਿੰਗ ਸਟੈਂਡਰ ਅਥਾਰਟੀ ਨੂੰ ਵੀ ਪੱਤਰ ਲਿਖਿਆ ਜਾਵੇਗਾ।