ਭਾਜਪਾ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਕੰਵਰ ਪ੍ਰਤਾਪ ਬਾਜਵਾ ਨੇ ਕੀਤਾ ਚੋਣ ਪ੍ਰਚਾਰ
ਬਟਾਲਾ, (ਰਛਪਾਲ ਸਿੰਘ )- ਅੱਜ ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਕੰਵਰ ਪ੍ਰਤਾਪ ਸਿੰਘ ਬਾਜਵਾ ਵਲੋਂ ਮੁਰਗੀ ਮੁਹੱਲਾ ਬਟਾਲਾ ਅਤੇ ਯੁਨੀਕ ਕਾਲੋਨੀ ਕਾਹਨੂੰੂਵਾਨ ਰੋਡ ਬਟਾਲਾ ਵਿਖੇ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਉਕਤ ਇਲਾਕਿਆਂ ਦੇ ਲੋਕਾਂ ਵਲੋਂ ਫਤਹਿਜੰਗ ਸਿੰਘ ਬਾਜਵਾ ਨੂੰ ਸਮਰਥਨ ਦਿੰਦਿਆਂ ਵੱਡੀ ਲੀਡ ਨਾਲ ਜਿਤਾਉਣ ਦਾ ਭਰੋਸਾ ਦਿਵਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਕੰਵਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬਟਾਲਾ ’ਚ ਭਾਜਪਾ ਨੂੰ ਲੋਕਾਂ ਵਲੋਂ ਭਾਰੀ ਸਮਰਥਨ ਮਿਲ ਰਿਹਾ ਹੈ ਅਤੇ ਲੋਕ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਹੀ ਪੰਜਾਬ ਦੇ ਭਵਿੱਖ ਨੂੰ ਬਦਲ ਸਕਦੀ ਹੈ ਅਤੇ ਪੰਜਾਬ ਨੂੰ ਮੁੜ ਖੁਸ਼ਹਾਲ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿਦਰ ਮੋਦੀ ਨੇ ਜਿਸ ਤਰ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਦਾ ਦਿਲ ਜਿੱਤਿਆ ਹੈ, ਉਸ ਨਾਲ ਪਿੰਡਾਂ ’ਚ ਵੀ ਭਾਜਪਾ ਨੂੰ ਕਿਸਾਨਾਂ ਤੇ ਲੋਕਾਂ ਵਲੋਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਦਾ ਗ੍ਰਾਫ ਦਿਨੋ ਦਿਨ ਪੰਜਾਬ ’ਚ ਵੱਧਦਾ ਜਾ ਰਿਹਾ ਹੈ, ਉਸ ਨਾਲ ਵਿਰੋਧੀ ਪਾਰਟੀਆਂ ਦੀ ਨੀਂਦ ਉਡ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕ ਵਿਰੋਧੀ ਪਾਰਟੀਆਂ ਦੀਆਂ ਗੱਲਾਂ ’ਚ ਨਹੀਂ ਆਉਣਗੇ ਅਤੇ ਲੋਕ ਭਾਰਤੀ ਜਨਤਾ ਪਾਰਟੀ ਨੂੰ ਵੋਟਾਂ ਪਾ ਕੇ ਭਾਜਪਾ ਦੀ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਲੋਕਾਂ ਦੀ ਸੇਵਾ ਕਰਨਾ ਅਤੇ ਪੰਜਾਬ ਨੂੰ ਤਰੱਕੀ ਵੱਲ ਲੈ ਕੇ ਹੀ ਸਰਕਾਰ ਦਾ ਮੁੱਖ ਏਜੰਡਾ ਹੋਵੇਗਾ। ਇਸ ਮੌਕੇ ਉਨ੍ਹਾਂ ਨਾਲ ਜਤਿੰਦਰ ਸਿੰਘ, ਭੂਸ਼ਨ ਬਜਾਜ ਤੇ ਹੋਰ ਭਾਜਪਾ ਆਗੂ ਹਾਜ਼ਰ ਸਨ।
