ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਖਿਲਾਫ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਫਾਜ਼ਿਲਕਾ ਦੇ ਪਿੰਡ ਕੋੜਿਆ ਵਾਲੀ ‘ਚ ਪ੍ਰਧਾਨ ਮੰਤਰੀ ਅਤੇ ਸੁਰਜੀਤ ਜਿਆਣੀ ਦੇ ਪੁਤਲੇ ਫੂਕੇ ਗਏ।
ਕਿਸਾਨਾਂ ਨੇ ਪ੍ਰਧਾਨ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ ਫਾਜ਼ਿਲਕਾ ਦੇ ਅਬੋਹਰ ਦੌਰੇ ਤੋਂ ਪਹਿਲਾਂ ਕਿਸਾਨ ਮਸਲਿਆਂ ਦਾ ਹੱਲ ਕੱਢਿਆ ਜਾਵੇ, ਨਹੀਂ ਤਾਂ ਜ਼ੋਰਦਾਰ ਪ੍ਰਦਰਸ਼ਨ ਹੋਵੇਗਾ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਕਾਲੇ ਝੰਡੇ ਦਿਖਾਉਣ ਦਾ ਐਲਾਨ ਕੀਤਾ। ਭਾਜਪਾ ਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਵਿਚ ਚੋਣ ਰੈਲੀਆਂ ਕਰਨਗੇ। ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਭਾਜਪਾ ਸਰਕਾਰ ਉਤੇ ਦੋਸ਼ ਲਾਏ ਜਾ ਰਹੇ ਹਨ ਕਿ ਸਰਕਾਰ ਕਿਸਾਨਾਂ ਨਾਲ ਕੀਤੇ ਸਮਝੌਤੇ ਤੋਂ ਮੁਕਰ ਗਈ ਹੈ।
ਦਿੱਲੀ ਬਾਰਡਰਾਂ ਤੋਂ ਸੰਘਰਸ਼ ਮੁਲਤਵੀ ਕਰਨ ਤੋਂ ਪਹਿਲਾਂ ਸਰਕਾਰ ਨੇ ਬਕਾਇਆ ਮੰਗਾਂ ਮੰਨਣ ਦਾ ਲਿਖਤੀ ਭਰੋਸਾ ਦਿੱਤਾ ਸੀ ਜਿਸ ਤੋਂ ਸਰਕਾਰ ਮੁੱਕਰ ਗਈ ਹੈ। ਇਸ ਤੋਂ ਨਿਰਾਜ਼ ਕਿਸਾਨਾਂ ਨੇ ਚੋਣਾਂ ਵਿਚ ਭਾਜਪਾ ਦੇ ਬਾਈਕਾਟ ਦਾ ਸੱਦਾ ਦਿੱਤਾ ਹੈ।