ਬਟਾਲਾ, (ਰਛਪਾਲ ਸਿੰਘ)- ਹਲਕਾ ਬਟਾਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਭਾਰੀ ਬੱਲ ਮਿਲਿਆ ਜਦੋਂ ਬਟਾਲਾ ਦੇ ਭੱਠਾ ਮਾਲਕਾਂ ਵੱਲੋਂ ਫਤਹਿਜੰਗ ਸਿੰਘ ਬਾਜਵਾ ਦੇ ਹੱਕ ’ਚ ਆਉਂਦੇ ਹੋਏ ਉਨ੍ਹਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਹਲਕਾ ਵਾਸੀ ਅਤੇ ਖਾਸ ਕਰਕੇ ਵਪਾਰੀ ਵਰਗ ਵਿਰੋਧੀ ਪਾਰਟੀਆਂ ਦੀਆਂ ਨੀਤੀਆਂ ਤੋਂ ਕਾਫੀ ਦੁੱਖੀ ਹੈ, ਕਿਉਂਕਿ ਉਕਤ ਪਾਰਟੀਆਂ ਨੇ ਕਦੇ ਵੀ ਹਲਕਾ ਬਟਾਲਾ ਦੇ ਲੋਕਾਂ ਨੂੰ ਸਹੂਲਤਾਂ ਮੁਹੱਈਆ ਨਹੀਂ ਕਰਵਾਈਆਂ ਹਨ ਅਤੇ ਨਾ ਹੀ ਕਦੇ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਹਲ ਕਰਨ ਬਾਰੇ ਸੋਚਿਆ ਹੈ, ਜੋ ਕਿ ਬਹੁਤ ਹੀ ਨਿੰਦਨਯੋਗ ਗੱਲ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਲੋਕਾਂ ਨੂੰ ਬੇਹਤਰ ਸਹੂਲਤਾ ਮੁਹੱਈਆ ਕਰਵਾਉਣ ਦੇ ਨਾਲ ਨਾਲ ਵਪਾਰੀਆਂ ਦੀ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹਲ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹੀ ਇਕ ਮਾਤਰ ਅਜਿਹੀ ਪਾਰਟੀ ਹੈ ਜੋ ਪੰਜਾਬ ਨੂੰ ਦੋਬਾਰਾ ਉਨਤੀ ਅਤੇ ਖੁਸ਼ਹਾਲੀ ਦੇ ਮਾਰਗ ਦੇ ਵਾਪਸ ਲਿਆ ਸਕਦੀ ਹੈ ਅਤੇ ਪੰਜਾਬ ਦੇ ਲੋਕਾਂ ਨੇ ਵੀ ਇਸ ਵਾਰ ਭਾਜਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ਤੇ ਬਟਾਲਾ ਦੀ ਇੰਡਸਟਰੀ ਨੂੰ ਜਿਥੇ ਪੈਰਾ ’ਤੇ ਖੜ੍ਹਾ ਕੀਤਾ ਜਾਵੇਗਾ ਉਥੇ ਹਲਕਾ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ’ਤੇ ਹਲ ਕਰਕੇ ਉਨ੍ਹਾਂ ਨੂੰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਫਤਹਿ ਬਾਜਵਾ ਨੇ ਭੱਠਾ ਮਾਲਕਾਂ ਵਲੋਂ ਉਨ੍ਹਾਂ ਨੂੰ ਮਿਲੇ ਸਮਰਥਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ । ਇਸ ਮੌਕੇ ਨਰਿੰਦਰ ਸਿੰਘ, ਚਰਨਜੀਤ ਸਿੰਘ, ਹਰਜੀਤ ਸਿੰਘ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।