ਮੋਗਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੁੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਅਤੇ ਇਸਦੇ ਮੁਖੀ ਅਰਵਿੰਦ ਕੇਜਰੀਵਾਲ ’ਤੇ ਵਿਸ਼ਵਾਸ ਨਾ ਕਰਨ ਕਿਉਂਕਿ ਉਹ ਵੀ ਕੈਪਟਨ ਅਮਰਿੰਦਰ ਸਿੰਘ ਵਾਂਗੂ ਵੱਡੇ ਵੱਡੇ ਵਾਅਦੇ ਕਰ ਕੇ ਉਹਨਾਂ ਨਾਲ ਧੋਖਾ ਕਰੇਗਾ।
ਇਥੇ ਧਰਮਕੋਟ ਤੋਂ ਜਥੇਦਾਰ ਤੋਤਾ ਸਿੰਘ ਅਤੇ ਨਿਹਾਲਸਿੰਘ ਵਾਲਾ ਤੋਂ ਬਲਵਿੰਦ ਸਿੰਘ ਮਾਣੂਕੇ ਦੇ ਹੱਕ ਵਿਚ ਵਿਸ਼ਾਲ ਚੋਣ ਇਕੱਠਾਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੇਜਰੀਵਾਲ ਇਕ ਮੌਕਾ ਮੰਗ ਕੇ ਪੰਜਾਬੀਆਂ ਨੁੰ ਧੋਖਾ ਦੇਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਪੰਜਾਬੀਆਂ ਨੇ 2017 ਵਿਚ ਆਮ ਆਦਮੀ ਪਾਰਟੀ ਨੁੰ ਮੌਕਾ ਦਿੱਤਾ ਸੀ ਤੇ ਇਸਦੇ 20 ਵਿਧਾਇਕ ਚੁਣੇ ਸਨ ਤੇ ਇਸਨੁੰ ਪ੍ਰਮੁੱਖ ਵਿਰੋਧੀ ਧਿਰ ਬਣਾਇਆ ਸੀ। ਉਹਨਾਂ ਕਿਹਾ ਕਿ ਬਜਾਏ ਪੰਜਾਬੀਆਂ ਦੀ ਭਲਾਈ ਲਈ ਕੰਮ ਕਰਨ ਦੇ ਇਸਦੇ 20 ਵਿਚੋਂ 11 ਵਿਧਾਇਕ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਉਹਨਾਂ ਕਿਹਾ ਕਿ ਤੁਸੀਂ ਆਮ ਆਦਮੀ ਪਾਰਟੀ ’ਤੇ ਮੁੜ ਵਿਸ਼ਵਾਸ ਕਰਕੇ ਇਸਨੁੰ ਆਪਣੀਆਂ ਵੋਟਾਂ ਨਹੀਂ ਦੇ ਸਕਦੇ।
ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਵਾਅਦਿਆਂ ਦੀ ਗੱਲ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬੀਆਂ ਨੁੰ ਇਹ ਸਪਸ਼ਟ ਹੋਣਾ ਚਾਹੀਦਾ ਹੈ ਕਿ ਦਿੱਲੀ ਮਾਡਲ ਦਾ ਮਤਲਬ ਹੈ ਕਿ ਕਿਸਾਨਾਂ ਨੁੰ ਮਿਲ ਰਹੀ ਮੁਫਤ ਬਿਜਲੀ ਬੰਦ ਕਰ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਵੱਲੋਂ ਸ਼ੁਰੂ ਕੀਤੀਆਂ ਬੁਢਾਪਾ ਪੈਨਸ਼ਨ, ਆਟਾ ਦਾਲ ਸਕੀਮ, ਸ਼ਗਨ ਸਕੀਮ ਵਰਗੀਆਂ ਸਮਾਜ ਭਲਾਈ ਯੋਜਨਾਵਾਂ ਦਿੱਲੀ ਵਿਚ ਸ਼ੁਰੂ ਨਹੀਂ ਕੀਤੀਆਂ ਹਨ। ਉਹਨਾਂ ਕਿਹਾ ਕਿ ਇਸ ਗੱਲ ਦੀ ਕੋਈ ਗਰੰਟੀ ਨਹੀਂ ਹੈ ਕਿ ਆਮ ਆਦਮੀ ਪਾਰਟੀ ਇਸ ਵੱਲੋਂ ਪੰਜਾਬ ਵਿਚ ਕੀੇਤੇ ਜਾ ਰਹੇ ਵਾਅਦੇ ਲਾਗੂ ਕਰੇਗੀ। ਉਹਨਾਂ ਕਿਹਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਮਹਿਲਾਵਾਂ ਨੁੰ ਭਲਾਈ ਕਦਮ ਵਜੋਂ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਨਹੀਂ ਦੇ ਰਹੀ ਜਦੋਂ ਕਿ ਪੰਜਾਬ ਦੀਆਂ ਮਹਿਲਾਵਾਂ ਲਈ ਇਹ ਵਾਅਦਾ ਕੀਤਾ ਜਾ ਰਿਹਾ ਹੈ। ਉਹਨਾ ਕਿਹਾ ਕਿ ਇਸੇ ਤਰੀਕੇ ਦਿੱਲੀ ਵਿਚ ਠੇਕੇ ’ਤੇ ਕੰਮ ਕਰਦੇ ਮੁਲਾਜ਼ਮ ਪਿਛਲੇ 8 ਸਾਲਾਂ ਤੋਂ ਰੈਗੂਲਰ ਹੋਣ ਲਈ ਧਰਨੇ ਦੇ ਰਹੇ ਹਨ। ਉਹਨਾਂ ਕਿਹਾ ਕਿ ਮੈਨੁੰ ਇਹ ਸਮਝ ਨਹੀਂ ਆਉਂਦਾ ਕਿ ਜਦੋਂ ਕੇਜਰੀਵਾਲ ਨੇ ਆਪ ਇਹ ਕਿਹਾ ਹੈ ਕਿ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੁੰ ਰੈਗੂਲਰ ਕਰਨ ਨਾਲ ਇਹ ਕੰਮ ਕਰਨਾ ਬੰਦ ਕਰ ਦਿੰਦੇ ਹਨ ਤਾਂ ਫਿਰ ਉਹ ਪੰਜਾਬ ਦੇ ਮੁਲਾਜ਼ਮਾਂ ਨੁੰ ਰੈਗੂਲਰ ਕਰਨ ਦੇ ਵਾਅਦੇ ਕਿਉਂ ਕਰ ਰਿਹਾ ਹੈ।