ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਬਠਿੰਡਾ ਸ਼ਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਰੂਪ ਸਿੰਘ ਗਿੱਲ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ। ਅੱਜ ਬਾਰ ਐਸੋਸੀਏਸ਼ਨ ਦੇ ਦਫਤਰ ਵਿਚ ਇਕੱਠੇ ਹੋਏ ਵੱਡੀ ਗਿਣਤੀ ਵਕੀਲ ਭਾਈਚਾਰੇ ਨੇ ਅਹਿਦ ਲਿਆ ਕਿ ਇਸ ਵਾਰ ਉਹ ਈਮਾਨਦਾਰ ਉਮੀਦਵਾਰ ਜਗਰੂਪ ਸਿੰਘ ਗਿੱਲ ਨੂੰ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਗੇ।
ਵਕੀਲ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਵਰਿੰਦਰ ਸ਼ਰਮਾ ਨੇ ਕਿਹਾ ਕਿ ਜਗਰੂਪ ਸਿੰਘ ਗਿੱਲ ਇਕ ਇਮਾਨਦਾਰ ਅਤੇ ਸਾਫ਼ ਸੁਥਰੀ ਸ਼ਖ਼ਸੀਅਤ ਦੇ ਮਾਲਕ ਹਨ ਜਿਨ੍ਹਾਂ ਦੀ ਡਟਵੀਂ ਹਮਾਇਤ ਵਕੀਲ ਭਾਈਚਾਰੇ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਸਮੂਹ ਵਕੀਲਾਂ ਨੂੰ ਅਪੀਲ ਕੀਤੀ ਕਿ ਉਹ ਜਿਨ੍ਹਾਂ ਨੂੰ ਆਪਣੇ ਰਿਸ਼ਤੇਦਾਰਾਂ ਅਤੇ ਜਾਣਕਾਰਾਂ ਕੋਲ ਪਹੁੰਚ ਕਰਕੇ ਜਗਰੂਪ ਸਿੰਘ ਗਿੱਲ ਲਈ ਵੋਟ ਦੀ ਮੰਗ ਕਰਨ। ਵਕੀਲ ਭਾਈਚਾਰੇ ਨੇ ਆਪ ਉਮੀਦਵਾਰ ਗਿੱਲ ਦੇ ਹੱਕ ਵਿਚ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਆਪ ਉਮੀਦਵਾਰ ਜਗਰੂਪ ਸਿੰਘ ਗਿੱਲ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਨੇ ਵਕੀਲ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਕੀਲਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦੇਣਗੇ। ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਚੋਣਾਂ ਲੜਦੇ ਆ ਰਹੇ ਹਨ ਅਤੇ ਕਦੇ ਕਿਸੇ ਤੋਂ ਡਰੇ ਅਤੇ ਝੁਕੀ ਨਹੀਂ। ਉਨ੍ਹਾਂ ਵਿਰੋਧੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕਿਸੇ ਸ਼ਹਿਰ ਵਾਸੀ ਨਾ ਧੱਕੇਸ਼ਾਹੀ ਜਾਂ ਬੇਇਨਸਾਫੀ ਕੀਤੀ ਗਈ ਤਾਂ ਉਹ ਉਨ੍ਹਾਂ ਨਾਲ ਡਟ ਕੇ ਖੜ੍ਹਨਗੇ ਅਤੇ ਅਜਿਹਾ ਬਰਦਾਸ਼ਤ ਨਹੀਂ ਕਰਨਗੇ।