ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਅੰਕਾ ਗਾਂਧੀ ਵਾਡਰਾ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਪ੍ਰਸਾਦ ਦੀ ਖੁੱਲ੍ਹ ਕੇ ਹਮਾਇਤ ਕੀਤੀ ਤੇ ਭਾਜਪਾ ’ਤੇ ਉਨ੍ਹਾਂ ਦਾ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ। ਪ੍ਰਿਅੰਕਾ ਨੇ ਕਿਹਾ, ਭਾਜਪਾ ਦੀ ਰਾਜਨੀਤੀ ਦਾ ਇਹ ਇਕ ਅਹਿਮ ਪਹਿਲੂ ਹੈ ਕਿ ਜੋ ਵਿਅਕਤੀ ਉਨ੍ਹਾਂ ਦੇ ਸਾਹਮਣੇ ਝੁਕਣ ਤੋਂ ਇਨਕਾਰ ਕਰ ਦਿੰਦਾ ਹੈ, ਉਸ ਦਾ ਹਰ ਮੁਮਕਿਨ ਤਰੀਕੇ ਨਾਲ ਸ਼ੋਸ਼ਣ ਕੀਤਾ ਜਾਂਦਾ ਹੈ।
ਦੱਸਣਯੋਗ ਹੈ ਕਿ ਵਿਸ਼ੇਸ਼ ਸੀਬੀਆਈ ਅਦਾਲਤ ਨੇ ਮੰਗਲਵਾਰ ਨੂੁੰ ਰਾਜਦ ਮੁਖੀ ਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਨੂੰ ਚਾਰਾ ਘੁਟਾਲੇ ਤਹਿਤ ਡੋਰੰਡਾ ਖ਼ਜ਼ਾਨਾ ਗਬਨ ਮਾਮਲੇ ’ਚ ਦੋਸ਼ੀ ਠਹਿਰਾਇਆ ਸੀ। ਅਦਾਲਤ ਦਾ ਫ਼ੈਸਲਾ ਆਉਣ ਤੋਂ ਬਾਅਦ ਉਨ੍ਹਾਂ ਨੂੰ ਰਾਂਚੀ ਸਥਿਤ ਬਿਰਸਾ ਮੁੰਡਾ ਕੇਂਦਰੀ ਜੇਲ੍ਹ ਲਿਆਂਦਾ ਗਿਆ। ਫਿਰ ਉਥੋਂ ਰਾਜਿੰਦਰ ਆਯੁਰਵਿਗਿਆਨ ਸੰਸਥਾ (ਰਿਮਸ) ’ਚ ਦਾਖ਼ਲ ਕਰਵਾ ਦਿੱਤਾ ਗਿਆ। ਲਾਲੂ ਦੀ ਹਮਾਇਤ ਕਰਦੇ ਹੋਏ ਪ੍ਰਿਅੰਕਾ ਨੇ ਟਵੀਟ ਕੀਤਾ, ‘ਭਾਜਪਾ ਦੀ ਰਾਜਨੀਤੀ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਮੈਨੂੰ ਉਮੀਦ ਹੈ ਕਿ ਉਨ੍ਹਾਂ ਨੂੁੰ ਇਨਸਾਫ਼ ਜ਼ਰੂਰ ਮਿਲੇਗਾ। ’