ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿਚ ਚੋਣ ਜ਼ਾਬਤਾ ਲਾਗੂ ਹੋਣ ’ਤੇ ਸ਼ੁੱਕਰਵਾਰ ਸ਼ਾਮ ਤਕ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 500 ਕਰੋੜ ਰੁਪਏ ਤੋਂ ਵੱਧ ਦਾ ਕੀਮਤੀ ਸਾਮਾਨ ਜ਼ਬਤ ਕੀਤਾ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਆਬਕਾਰੀ ਵਿਭਾਗ ਦੀਆਂ ਨਿਗਰਾਨ ਟੀਮਾਂ ਨੇ 35.43 ਕਰੋੜ ਰੁਪਏ ਦੀ 58.18 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਨੇ 368.60 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ ਅਤੇ 32.52 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਹੈ।
ਰਾਜੂ ਨੇ ਦੱਸਿਆ ਕਿ ਰਾਜ ਵਿਚ 9 ਜਨਵਰੀ ਤੋਂ 18 ਫਰਵਰੀ ਤਕ 3467 ਐੱਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੁੱਲ 3467 ਐੱਫਆਈਆਰਜ਼ ਵਿਚੋਂ 93 ਆਈਪੀਸੀ, 22 ਆਰਪੀ ਐਕਟ, 203 ਪ੍ਰਾਪਰਟੀ ਡੀਫੇਸਮੈਂਟ, 40 ਕੋਵਿਡ-19 ਨਾਲ ਸਬੰਧਤ, 902 ਐੱਨਡੀਪੀਐੱਸ ਤਹਿਤ, 2109 ਆਬਕਾਰੀ ਨਾਲ ਸਬੰਧਤ, 80 ਹਥਿਆਰਾਂ ਨਾਲ ਅਤੇ 18 ਹੋਰ ਮਾਮਲੇ ਹਨ। ਉਨ੍ਹਾਂ ਦੱਸਿਆ ਕਿ ਆਵਾਜ਼ ਪ੍ਰਦੂਸ਼ਣ ਫੈਲਾਉਣ ਵਾਲਿਆਂ ਵਿਰੁੱਧ 17 ਨੋਟਿਸ ਜਾਰੀ ਕੀਤੇ ਗਏ ਹਨ
ਡਾ. ਰਾਜੂ ਨੇ ਕਿਹਾ ਕਿ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿਚ ਤਾਇਨਾਤ ਪੁਲਿਸ ਪਾਰਟੀਆਂ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੇ ਲੈਣ-ਦੇਣ ਨੂੰ ਠੱਲ੍ਹ ਪਾਉਣ ਲਈ ਚੌਕਸੀ ਨਾਲ ਤਲਾਸ਼ੀ ਲੈ ਰਹੀਆਂ ਹਨ।
ਰਾਜੂ ਨੇ ਕਿਹਾ ਕਿ ਵੋਟਰਾਂ ਨੂੰ ਭਰਮਾਉਣ ਲਈ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੀ ਵੰਡ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਮੂਹ ਡੀਸੀ, ਸੀਪੀਜ਼ ਅਤੇ ਐੱਸਐੱਸਪੀਜ਼ ਸਖ਼ਤ ਨਿਗਰਾਨੀ ਰੱਖ ਰਹੇ ਹਨ ਅਤੇ ਸੂਚਨਾ ਜਾਂ ਸ਼ਿਕਾਇਤ ਮਿਲਣ ’ਤੇ ਤੁਰੰਤ ਛਾਪੇਮਾਰੀ ਕੀਤੀ ਜਾ ਰਹੀ ਹੈ।