ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲਿਆਂ ਉਤੇ ਸਖਤੀ ਦਾ ਮਨ ਬਣਾ ਲਿਆ ਹੈ। ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਉਮੀਦਵਾਰਾਂ ਦਾ ਖੁੱਲ੍ਹੇੇਆਮ ਤੇ ਅੰਦਰੂਨੀ ਵਿਰੋਧ ਕਰਨ ਵਾਲੇ ਆਗੂਆਂ ਨੂੰ ਪਾਰਟੀ ’ਚੋਂ ਬਾਹਰ ਦਾ ਰਸਤਾ ਦਿਖਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਪਾਰਟੀ ਨੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ ਅਤੇ ਉਸ ਦੇ ਪੁੱਤਰ ਸਾਬਕਾ ਮੇਅਰ ਅਕਸ਼ਿਤ ਜੈਨ, ਸਾਬਕਾ ਜ਼ਿਲ੍ਹਾ ਯੂਥ ਪ੍ਰਧਾਨ ਜਗਦੀਪ ਸਿੰਘ ਗਟਰਾ, ਸਾਬਕਾ ਯੂਥ ਉੱਪ ਪ੍ਰਧਾਨ ਪਰਗਟ ਸਿੰਘ ਕੋਰੇਵਾਲਾ ਅਤੇ ਸਾਬਕਾ ਕੌਂਸਲਰ ਵੀਰਭਾਨ ਦਾਨਵ ਤੇ ਹੋਰਾਂ ਨੂੰ ਪਾਰਟੀ ’ਚੋਂ ਬਾਹਰ ਕਰ ਦਿੱਤਾ ਹੈ।
ਮੋਗਾ ਹਲਕੇ ਤੋਂ ਪਾਰਟੀ ਉਮੀਦਵਾਰ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਨਿਵਾਸ ਉੱਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਬਾਘਾਪੁਰਾਣਾ ਤੋਂ ਪਾਰਟੀ ਉਮੀਦਵਾਰ ਤੀਰਥ ਸਿੰਘ ਮਾਹਲਾ ਤੇ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਕੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਜੈਨ ਅਤੇ ਉਸ ਦੇ ਪੁੱਤਰ ਸਾਬਕਾ ਮੇਅਰ ਅਕਸ਼ਿਤ ਜੈਨ ਤੇ ਹੋਰਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ’ਚੋਂ ਕੱਢਣ ਦਾ ਐਲਾਨ ਕੀਤਾ।