ਚੰਡੀਗੜ੍ਹ : Chandigarh Electricity Worker Strike: ਚੰਡੀਗੜ੍ਹ ਵਿੱਚ ਬਿਜਲੀ ਕਾਮਿਆਂ ਦੀ ਹੜਤਾਲ ਖਤਮ ਕਰਨ ਲਈ ਪ੍ਰਸ਼ਾਸਨ ਨੇ ESMA ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਹੁਣ ਬਿਜਲੀ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ। ਪੁਲਿਸ ਨੇ ਯੂਟੀ ਪਾਵਰਮੈਨ ਯੂਨੀਅਨ ਦੇ ਪ੍ਰਧਾਨ ਧਿਆਨ ਚੰਦ ਅਤੇ ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ ਸਮੇਤ ਬਿਜਲੀ ਮੁਲਾਜ਼ਮਾਂ ਅਤੇ ਇੰਜਨੀਅਰਾਂ ਦੀ ਕੌਮੀ ਤਾਲਮੇਲ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਇਲੈਕਟ੍ਰੀਸਿਟੀ ਇੰਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਕੌਮੀ ਮੀਤ ਪ੍ਰਧਾਨ ਸੁਭਾਸ਼ ਲਾਂਬਾ ਨੂੰ ਸੈਕਟਰ-22 ਸਥਿਤ ਸੂਦ ਧਰਮਸ਼ਾਲਾ ਵਿੱਚ ਲਿਜਾਇਆ।
ਇਸ ਸਬੰਧੀ ਜਿਵੇਂ ਹੀ ਹੋਰ ਮੁਲਾਜ਼ਮਾਂ ਨੂੰ ਸੂਚਨਾ ਮਿਲੀ ਤਾਂ ਉਹ ਵੀ ਇੱਥੇ ਪੁੱਜਣ ਲੱਗੇ। ਚੰਡੀਗੜ੍ਹ ਦੀਆਂ ਹੋਰ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਵੀ ਇੱਥੇ ਇਕੱਠੇ ਹੋਣੇ ਸ਼ੁਰੂ ਹੋ ਗਏ। ਤਾਲਮੇਲ ਕਮੇਟੀ ਦੇ ਕਨਵੀਨਰ ਅਸ਼ਵਨੀ ਕੁਮਾਰ ਵੀ ਇੱਥੇ ਪੁੱਜੇ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਕੌਂਸਲਰ ਦਮਨਪ੍ਰੀਤ ਸਮੇਤ ਕਈ ‘ਆਪ’ ਆਗੂ ਵੀ ਇੱਥੇ ਪੁੱਜੇ। ਕਈ ਹੋਰ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਪਹੁੰਚੇ। ਇਸ ਤੋਂ ਬਾਅਦ ਭੀੜ ਇਕੱਠੀ ਹੁੰਦੀ ਦੇਖ ਪੁਲਿਸ ਯੂਨੀਅਨ ਦੇ ਮੁੱਖ ਆਗੂ ਨੂੰ ਇੱਥੋਂ ਕਿਸੇ ਹੋਰ ਥਾਂ ਲੈ ਗਈ। ਯੂਨੀਅਨ ਦੇ ਨੁਮਾਇੰਦਿਆਂ ਨੂੰ ਰੂਪੋਸ਼ ਕਰਕੇ ਹੜਤਾਲ ਤੋੜਨ ਦੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।
400 ਆਊਟਸੋਰਸ ਕਰਮਚਾਰੀਆਂ ਨੂੰ ਤੁਰੰਤ ਡਿਊਟੀ ‘ਤੇ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਤਾਂ ਜੋ ਕਿਸੇ ਵੀ ਤਰ੍ਹਾਂ ਬਿਜਲੀ ਬਹਾਲ ਹੋ ਸਕੇ। ਇਸ ਦੇ ਨਾਲ ਹੀ ਰੈਗੂਲਰ ਮੁਲਾਜ਼ਮਾਂ ਨੂੰ ਵੀ ਤੋੜਿਆ ਜਾ ਰਿਹਾ ਹੈ। ਪ੍ਰਸ਼ਾਸਨ ਨੇ ਮੰਗਲਵਾਰ ਸ਼ਾਮ ਨੂੰ ਹੀ ਐਸਮਾ ਲਗਾ ਕੇ ਮੁਲਾਜ਼ਮਾਂ ਨੂੰ ਤੁਰੰਤ ਡਿਊਟੀ ਜੁਆਇਨ ਕਰਨ ਦੇ ਹੁਕਮ ਦਿੱਤੇ ਸਨ। ਹਾਲਾਂਕਿ ਇਸ ਤੋਂ ਬਾਅਦ ਵੀ ਕਰਮਚਾਰੀ ਕੰਮ ‘ਤੇ ਨਹੀਂ ਪਰਤੇ। ਸ਼ਹਿਰ ਦਾ ਵੱਡਾ ਹਿੱਸਾ ਰਾਤ ਭਰ ਹਨੇਰੇ ਵਿੱਚ ਡੁੱਬਿਆ ਰਿਹਾ।
ਮੁਲਾਜ਼ਮ ਆਗੂ ਗੋਪਾਲ ਦੱਤ ਜੋਸ਼ੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ‘ਚ ਉਹ ਹੜਤਾਲ ਖਤਮ ਕਰਨ ਦਾ ਐਲਾਨ ਕਰ ਰਹੇ ਹਨ। ਜੋਸ਼ੀ ਕਹਿ ਰਹੇ ਹਨ ਕਿ ਉਨ੍ਹਾਂ ਨੇ ਹੜਤਾਲ ਵਾਪਸ ਲੈ ਲਈ ਹੈ। ਬਾਕੀ ਮੁਲਾਜ਼ਮਾਂ ਨੂੰ ਵੀ ਕੰਮ ‘ਤੇ ਵਾਪਸ ਜਾਣਾ ਚਾਹੀਦਾ ਹੈ। ਉਧਰ, ਮੁਲਾਜ਼ਮ ਜਥੇਬੰਦੀਆਂ ਦਾ ਦੋਸ਼ ਹੈ ਕਿ ਇਹ ਵੀਡੀਓ ਪੁਲੀਸ ਪ੍ਰਸ਼ਾਸਨ ਵੱਲੋਂ ਮੁਲਾਜ਼ਮ ਆਗੂਆਂ ਨਾਲ ਜ਼ਬਰਦਸਤੀ ਬਣਾਈ ਗਈ ਹੈ। ਅਜੇ ਵੀ ਕਰਮਚਾਰੀ ਹੜਤਾਲ ਖਤਮ ਕਰਨ ਲਈ ਤਿਆਰ ਨਹੀਂ ਹਨ।