ਲੁਧਿਆਣਾ : ਦੁੱਗਰੀ ਵਿਖੇ ਚੋਣ ਪ੍ਰਚਾਰ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਦੋ ਆਗੂਆਂ ਦਰਮਿਆਨ ਹੋਈ ਝੜਪ ਤੋਂ ਇੱਕ ਹਫ਼ਤੇ ਬਾਅਦ ਥਾਣਾ ਦੁੱਗਰੀ ਪੁਲਿਸ ਨੇ ਖੋਹ ਕਰਨ, ਧਾਰਮਿਕ ਆਸਥਾ ਦਾ ਅਪਮਾਨ ਕਰਨ, ਅਪਰਾਧਿਕ ਧਮਕੀ ਦੇਣ ਅਤੇ ਵੀਡੀਓ ਵਾਇਰਲ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਨਾਮਜ਼ਦ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਕਾਲੀ ਆਗੂ ਹਰਪ੍ਰੀਤ ਸਿੰਘ ਬੇਦੀ, ਉਸ ਦਾ ਪੁੱਤਰ ਗੁਰਪ੍ਰੀਤ ਸਿੰਘ ਬੇਦੀ, ਇੰਦਰਜੀਤ ਸਿੰਘ, ਗੁਰਜੰਟ ਸਿੰਘ ਦਿਓਲ ਵਜੋਂ ਹੋਈ ਹੈ। ਪੁਲਿਸ ਨੇ ਇਸ ਮਾਮਲੇ ਵਿਚ ਕੁਝ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਵੀ ਐਫਆਈਆਰ ਦਰਜ ਕਰ ਲਈ ਹੈ।ਮਾਮਲੇ ਵਿੱਚ ਸ਼ਿਕਾਇਤਕਰਤਾ ਅਕਾਲੀ ਆਗੂ ਗੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ 14 ਫਰਵਰੀ ਨੂੰ ਸ਼ਾਮ ਨਗਰ ਵਿਖੇ ਅਕਾਲੀ ਉਮੀਦਵਾਰ ਲਈ ਚੋਣ ਪ੍ਰਚਾਰ ਕਰ ਰਹੇ ਸਨ। ਜਦੋਂ ਸਟੇਜ ਤੋਂ ਨਾਂ ਲੈ ਕੇ ਉਨ੍ਹਾਂ ਦੀਆਂ ਚੋਣਾਂ ਸਬੰਧੀ ਸਰਗਰਮੀਆਂ ਦੀ ਤਾਰੀਫ਼ ਕੀਤੀ ਗਈ ਤਾਂ ਮੁਲਜ਼ਮ ਗੁੱਸੇ ਵਿਚ ਆ ਗਏ ਅਤੇ ਉਨ੍ਹਾਂ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ ।ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਮੁਲਜ਼ਮ ਨੇ ਆਪਣੇ ਕਈ ਸਮਰਥਕਾਂ ਨਾਲ ਮਿਲ ਕੇ ਹਮਲਾ ਕੀਤਾ ਅਤੇ ਪੱਗ ਉਛਾਲ ਦਿੱਤੀ ਅਤੇ 5000 ਰੁਪਏ ਨਕਦੀ ,ਇਕ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਏ।
ਬਦਨਾਮ ਕਰਨ ਲਈ ਮਾਰਕੁੱਟ ਦੀ ਕੀਤੀ ਵੀਡੀਓ ਵਾਇਰਲ : ਗੁਰਿੰਦਰਪਾਲ
ਗੁਰਿੰਦਰਪਾਲ ਨੇ ਦੱਸਿਆ ਕਿ ਹਮਲਾਵਰਾਂ ਨੇ ਬਦਨਾਮ ਕਰਨ ਲਈ ਸੋਸ਼ਲ ਮੀਡੀਆ ਉਨ੍ਹਾਂ ਦੀ ਵੀਡੀਓ ਵੀ ਵਾਇਰਲ ਕਰ ਦਿੱਤੀ। ਇਸ ਸਾਰੇ ਮਾਮਲੇ ਵਿਚ ਥਾਣਾ ਦੁੱਗਰੀ ਦੀ ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੇ ਖਿਲਾਫ ਐੱਫਆਈਆਰ ਦਰਜ ਕਰ ਲਈ ਗਈ ਹੈ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪਾਮਾਰੀ ਕੀਤੀ ਜਾ ਰਹੀ ।