ਚੰਡੀਗੜ੍ਹ/ਮੋਹਾਲੀ 19 ਮਾਰਚ ( ) ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਗੁਰਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਮੱਧ ਪ੍ਰਦੇਸ਼ ਦੇ ਕਿਸਾਨ ਆਗੂ ਸ਼ਿਵ ਕੁਮਾਰ ਕੱਕਾ ਜੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ 21 ਅਤੇ 25 ਮਾਰਚ ਦੇ ਸੰਯੁਕਤ ਮੋਰਚੇ ਵੱਲੋ ਰੱਖੇ ਗਏ ਪ੍ਰੋਗਰਾਮ ਨੂੰ ਸਫਲਤਾ ਪੂਰਵਕ ਸਿਰੇ ਚੜਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ।
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਡਾ ਦਰਸ਼ਨਪਾਲ, ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ 21 ਮਾਰਚ ਨੂੰ ਡਿਪਟੀ ਕਮਿਸ਼ਨਰਾਂ ਅਤੇ ਤਹਿਸੀਲ ਦਫਤਰਾਂ ਅੱਗੇ ਧਰਨੇ ਦੇ ਕੇ ਅੰਦੋਲਨ ਦੀਆ ਰਹਿੰਦੀਆਂ ਮੰਗਾਂ ਜੋ ਮੋਰਚਾ ਮੁਲਤਵੀ ਕਰਨ ਵੇਲੇ ਸਰਕਾਰ ਨੇ ਵਾਅਦਾ ਕੀਤਾ ਸੀ। ਉਸ ਨੂੰ ਪੂਰਾ ਕਰਾਉਣ ਲਈ ਸਰਕਾਰ ਉੱਪਰ ਦਬਾਅ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਉੱਪਰ ਦਰਜ ਕੇਸ ਰੱਦ ਕਰਨ ਅਤੇ ਐੱਮਐੱਸਪੀ ਦੇ ਗਾਰੰਟੀ ਕਾਨੂੰਨ ਬਣਾਉਣ ਅਤੇ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਇਨਸਾਫ ਦਿਵਾਉਣ ਲਈ ਸੰਯੁਕਤ ਮੋਰਚਾ ਜੱਦੋਜਹਿਦ ਤੇਜ਼ ਕਰੇਗਾ। ਉਨ੍ਹਾਂ ਕਿਹਾ ਕਿ ਯੂਪੀ ਪ੍ਰਸ਼ਾਸਨ ਵੱਲੋਂ ਲਖੀਮਪੁਰ ਖੀਰੀ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ ਹੈ ਜਦਕਿ ਤਿੰਨ ਕਿਸਾਨਾਂ ਨੂੰ ਜੇਲ੍ਹ ਅੰਦਰ ਬੰਦ ਕੀਤਾ ਹੋਇਆ ਹੈ ਤੇ ਦਰਜਨ ਦੇ ਕਰੀਬ ਹੋਰ ਕਿਸਾਨਾਂ ਨੂੰ ਪਰਚੇ ਵਿੱਚ ਨਾਮਜ਼ਦ ਕੀਤਾ ਹੋਇਆ ਹੈ । ਘਟਨਾ ਦੇ ਚਸ਼ਮਦੀਦ ਗਵਾਹ ਉੱਪਰ ਵੀ ਪਿਛਲੇ ਦਿਨੀਂ ਬੀਜੇਪੀ ਦੀ ਗੁੰਡਾ ਬ੍ਰਿਗੇਡ ਵੱਲੋਂ ਹਮਲਾ ਕੀਤਾ ਗਿਆ ਹੈ ਤਾਂ ਕਿ ਗਵਾਹਾਂ ਨੂੰ ਡਰਾ ਧਮਕਾ ਕੇ ਕੇਸ ਕਮਜ਼ੋਰ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ 25 ਮਾਰਚ ਨੂੰ ਭਾਖੜਾ ਬਿਆਸ ਮੈਨਜਮੈਟ ਬੋਰਡ ਤੋਂ ਪੰਜਾਬ ਤੇ ਹਰਿਆਣੇ ਦੀ ਸਥਾਈ ਨੁਮਾਇੰਦਗੀ ਖਤਮ ਕਰਨ ਦੇ ਵਿਰੋਧ ਵਿਚ ਪੰਜਾਬ ਹਰਿਆਣਾ ਤੋ ਹਜਾਰਾਂ ਦੀ ਗਿਣਤੀ ਵਿਚ ਕਿਸਾਨ ਮੋਹਾਲੀ ਪਹੁੰਚ ਕੇ ਰਾਜਪਾਲ ਨੂੰ ਮੰਗ ਪੱਤਰ ਦੇਣਗੇ। ਇਸ ਤੋ ਇਲਾਵਾ ਅੱਜ ਦੀ ਮੀਟਿੰਗ ਪੰਜਾਬ ਸਰਕਾਰ ਤੋ ਮੰਗ ਕਰਦੀ ਹੈ ਕਿ ਮਸਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਾਤਲਾਂ ਨੂੰ ਫੌਰੀ ਗਿਰਫਤਾਰ ਕੀਤਾ ਜਾਵੇ ਅਤੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇ। ਅੱਜ ਦੀ ਮੀਟਿੰਗ ਵਿੱਚ ਪੰਜਾਬ ਤੇ ਹਰਿਆਣਾ ਤੋ ਤਿੰਨ ਦਰਜਨ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ।