ਕੇਂਦਰੀ ਟ੍ਰੇਡ ਯੂਨੀਅਨਾਂ ਦੇ ਸੱਦੇ ਤੇ 28ਅਤੇ29 ਮਾਰਚ ਨੂੰ ਮੋਦੀ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕਿਰਤ ਕਾਨੂੰਨਾਂ ਵਿੱਚ ਸੋਧਾਂ ਦੇ ਖਿਲਾਫ ਕੀਤੀ ਜਾ ਰਹੀ ਹੜਤਾਲ ਵਿੱਚ ਇਫਟੂ ਗੁਰਦਾਸਪੁਰ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨਾਲ ਸਬੰਧਤ ਮੁਲਾਜ਼ਮ ਜਥੇਬੰਦੀਆਂ ਨੇ ਸੁਕਾ ਤਲਾਅ ਗੁਰਦਾਸਪੁਰ ਵਿਖੇ ਰੋਸ ਰੈਲੀ ਕਰਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਰਾਹੀਂ ਮੰਗ ਪੱਤਰ ਦਿੱਤਾ। ਉਸਾਰੀ ਮਿਸਤਰੀ ਮਜਦੂਰ ਯੂਨੀਅਨ, ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ, ਮਿਡ ਡੇ ਮੀਲ ਕੁੱਕ ਬੀਬੀਆਂ, ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਨਾਲ ਸਬੰਧਤ ਵੱਡੀ ਗਿਣਤੀ ਵਿਚ ਆਏ ਵਰਕਰਾਂ ਨੇ ਕੇਂਦਰ ਸਰਕਾਰ ਦੀ ਮਜ਼ਦੂਰ ਵਿਰੋਧੀ ਨੀਤੀਆਂ ਦੀ ਅਲੋਚਨਾਂ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਜੋਗਿੰਦਰ ਪਾਲ ਪਨਿਆੜ, ਕਾਮਰੇਡ ਰਮੇਸ਼ ਰਾਣਾ, ਜੋਗਿੰਦਰ ਪਾਲ ਘੁਰਾਲਾ ਹਰਜਿੰਦਰ ਸਿੰਘ ਵਡਾਲਾ ਬਾਂਗਰ ਨੇ ਕਿਹਾ ਕਿ ਨੋਟ ਬੰਦੀ, ਕਰੋਨਾ ਲਾਕਡਾਉਨ, ਖੇਤੀ ਕਾਲੇ ਕਾਨੂੰਨਾਂ ਨੂੰ ਲਾਗੂ ਕਰਨ ਤੋਂ ਬਾਅਦ ਮੋਦੀ ਸਰਕਾਰ ਕਿਰਤ ਕਾਨੂੰਨਾਂ ਵਿੱਚ ਸੋਧਾਂ ਕਰਕੇ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਭੁੱਗਤਣ ਲਈ 29 ਮਜ਼ਦੂਰ ਪੱਖੀ ਕਾਨੂੰਨ ਰੱਦ ਕਰਕੇ 4 ਲੇਬਰ ਕੋਡ ਬਣਾ ਕੇ ਮਜ਼ਦੂਰ ਜਮਾਤ ਤੋ ਦੋ ਸਦੀਆਂ ਪਹਿਲਾਂ ਪ੍ਰਾਪਤ ਅਧਿਕਾਰਾਂ ਨੂੰ ਖੋਹਣ ਜਾ ਰਹੀ ਹੈ। ਆਸ਼ਾ ਵਰਕਰਾਂ ਦੀ ਆਗੂਆਂ ਬਲਵਿੰਦਰ ਕੌਰ ਅਲੀ ਸ਼ੇਰ, ਗੁਰਵਿੰਦਰ ਕੌਰ ਬਹਿਰਾਮਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਐਲਾਨੀ 2500 ਰੁਪਏ ਮਹੀਨਾ ਦੇਣ ਦੀ ਮੰਗ ਕੀਤੀ। ਕਰੋਨਾ ਪੀਰੀਅੜ ਦੇ ਪੈਸੇ ਜਾਰੀ ਕਰਵਾਉਣ, ਘੱਟੋ ਘੱਟ ਉਜਰਤ ਕਾਨੂੰਨ ਲਾਗੂ ਕਰਨ ਦਾ ਮੁੱਦਾ ਉਠਾਇਆ ਹੈ। ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਸਰਵਾਲੀ, ਅਮਰਜੀਤ ਸ਼ਾਸਤਰੀ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਮੰਗ ਕੀਤੀ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸਤਿਬੀਰ ਸਿੰਘ ਸੁਲਤਾਨੀ ਕੇਂਦਰ ਸਰਕਾਰ ਵਲੋਂ ਰਾਜਾ ਦੇ ਅਧਿਕਾਰਾਂ ਤੇ ਛਾਪਾ ਮਾਰਕੇ ਚੰਡੀਗੜ੍ਹ ਨੂੰ ਖੋਹਣ, ਬਿਜਲੀ ਬਿੱਲ ਪਾਸ ਕਰਕੇ ਨਵੇ ਮੀਟਰ ਲਾਉਣ ਦਾ ਲੋਕ ਵਿਰੋਧੀ ਫੈਸਲਿਆਂ ਖਿਲਾਫ ਸੰਘਰਸ਼ ਕਰਨ ਦਾ ਸੱਦਾ ਦਿੱਤਾ।