ਅੰਮ੍ਰਿਤਸਰ, 20 ਅਪ੍ਰੈਲ ( ਅੰਸ਼ੂ ਸ਼ਰਮਾ ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਪਿਛਲੇ 25 ਤੋਂ 30 ਸਾਲਾਂ ਤੋਂ ਵੱਖ ਵੱਖ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਕੀਤੀ ਜਾਵੇ। ਪਾਰਟੀ ਨੇ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਨੁੰ ਵੀ ਅਪੀਲ ਕੀਤੀ ਕਿ ਉਹ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਬਾਰੇ ਜਲਦੀ ਫੈਸਲਾ ਲਵੇ।
ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। ਉਥੇ ਹੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਵੀ ਪਾਰਲੀਮੈਂਟ ਵਿਚ ਸਮੇਂ ਸਮੇਂ ’ਤੇ ਇਹ ਮਾਮਲਾ ਚੁੱਕ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ ਜਿਸਦੀ ਅਸੀਂ ਸ਼ਲਾਘਾ ਕਰਦੇ ਹਾਂ।
ਸਰਦਾਰ ਵਲਟੋਹਾ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਗੁਰਦੀਪ ਸਿੰਘ ਖੇੜਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ ਤੇ ਭਾਈ ਪਰਮਜੀਤ ਸਿੰਘ ਭਿਉਰਾ ਸਮੇਤ ਸਾਰੇ ਬੰਦੀ ਸਿੰਘਾਂ ਨੁੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹ ਸਾਰੇ ਸਿੰਘ ਪਿਛਲੇ 25 ਤੋਂ 30 ਸਾਲਾਂ ਤੋਂ ਵੱਖ ਵੱਖ ਜੇਲ੍ਹਾਂ ਵਿਚ ਬੰਦ ਹਨ।
ਅਕਾਲੀ ਆਗੂ ਨੇ ਕਿਹਾ ਕਿ ਬੇਸ਼ੱਕ ਇਹਨਾਂ ਸਿੰਘਾਂ ਵੱਲੋਂ ਨੌਜਵਾਨ ਹੁੰਦਿਆਂ ਭਾਵਨਾ ਵਿਚ ਵਹਿ ਕੇ ਕਦਮ ਚੁੱਕੇ ਗਏ ਸਨ ਪਰ ਹੁਣ ਇਹ ਲੰਬੇ ਅਰਸੇ ਤੋਂ ਜੇਲ੍ਹਾਂ ਵਿਚ ਹਨ। ਉਹਨਾਂ ਕਿਹਾ ਕਿ ਇਹ ਆਮ ਉਮਰ ਕੈਦ ਨਾਲੋਂ ਵੀ ਦੁੱਗਣੀਆਂ ਸਜ਼ਾਵਾਂ ਜੇਲ੍ਹਾਂ ਵਿਚ ਕੱਟ ਚੁੱਕੇ ਹਨ ਤੇ ਰਿਹਾਅ ਹੋਣਾ ਇਹਨਾਂ ਦਾ ਸੰਵਿਧਾਨਕ ਅਧਿਕਾਰ ਬਣਦਾ ਹੈ।
ਕਾਂਗਰਸ ਦੇ ਐਮ ਪੀ ਰਵਨੀਤ ਸਿੰਘ ਬਿੱਟੂ ’ਤ ਵਰ੍ਹਦਿਆਂ ਸਰਦਾਰ ਵਲਟੋਹਾ ਨੇ ਕਿਹਾ ਕਿ ਜਿਥੇ ਅਕਾਲੀ ਦਲ ਬੰਦੀ ਸਿੰਘਾਂ ਦੀ ਰਿਹਾਈ ਮੰਗ ਰਿਹਾ ਹੈ, ਉਥੇ ਹੀ ਰਵਨੀਤ ਸਿੰਘ ਬਿੱਟੂ ਜ਼ਹਿਰੀਲਾ ਪ੍ਰਚਾਰ ਕਰ ਰਹੇ ਹਨ ਤੇ ਇਹਨਾਂ ਦੀ ਰਿਹਾਈ ਦਾ ਵਿਰੋਧ ਕਰ ਰਹੇ ਹਨ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਰਵਨੀਤ ਸਿੰਘ ਬਿੱਟੂ ਦੇ ਵਿਚ ਆਪਣੇ ਦਾਦਾ ਬੇਅੰਤ ਸਿੰਘ ਵਾਲੀ ਰੂਹ ਹੈ ਤੇ ਉਹ ਸਿੱਖਾਂ ਦਾ ਵਿਰੋਧੀ ਸਾਬਤ ਹੋ ਰਹੇ ਹਨ। ਉਹਨਾਂ ਕਿਹਾ ਕਿ ਬੇਅੰਤ ਸਿੰਘ ਨੇ ਵੀ ਪੰਜਾਬ ਦਾ ਚੱਪਾ ਚੱਪਾ ਨੌਜਵਾਨ ਸਿੱਖਾਂ ਦੇ ਖੂਨ ਨਾਲ ਰੰਗ ਦਿੱਤਾ ਸੀ। ਉਹਨਾਂ ਸਵਾਲ ਕੀਤਾ ਕਿ ਕੀ ਅੱਜ ਵੀ ਕਾਂਗਰਸ ਪਾਰਟੀ ਸਿੱਖਾਂ ਦਾ ਵਿਰੋਧੀ ਬਣੀ ਹੋਈ ਹੈ ? ਉਹਨਾਂ ਨੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੁੰ ਵੀ ਆਖਿਆ ਕਿ ਉਹ ਇਸ ਮਾਮਲੇ ‘ਤੇ ਆਪਣੀ ਚੁੱਪੀ ਤੋੜਨ। ਉਹਨਾਂ ਕਿਹਾ ਕਿ ਕਾਂਗਰਸ ਦੇ ਐਮ ਪੀ ਮਨੀਸ਼ ਤਿਵਾੜੀ ਨੇ ਵੀ ਇਹ ਆਖਿਆ ਹੈ ਕਿ ਸੰਵਿਧਾਨ ਤੇ ਕਾਨੁੰਨ ਮੁਤਾਬਕ ਬੰਦੀ ਸਿੰਘ ਰਿਹਾਅ ਹੋਣੇ ਚਾਹੀਦੇ ਹਨ।
ਸਰਦਾਰ ਵਲਟੋਹਾ ਨੇ ਕਿਹਾ ਕਿ 10 ਨਵੰਬਰ 2019 ਨੁੰ ਜਦੋਂ ਸਮੁੱਚੇ ਜਗਤ ਵਿਚ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਾਰੀ ਦੁਨੀਆਂ ਵਿਚ ਮਨਾਇਆ ਜਾ ਰਿਹਾ ਸੀ ਤਾਂ ਉਦੋਂ ਕੇਂਦਰ ਸਰਕਾਰ ਨੇ 8 ਬੰਦੀ ਸਿੰਘਾਂ ਨੁੰ ਰਿਹਾਅ ਕਰਨ ਤੇ 9ਵੇਂ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਉਹਨਾਂ ਕਿਹਾ ਕਿ ਢਾਈ ਸਾਲ ਹੋ ਚੁੱਕੇ ਹਨ ਜਦੋਂ ਦਾ ਨੋਟੀਫਿਕੇਸ਼ਨ ਜਾਰੀ ਹੋਇਆ ਪਰ ਹਾਲੇ ਤੱਕ ਇਸ ‘ਤੇ ਕੋਈ ਅਮਲ ਨਹੀਂ ਹੋਇਆ। ਉਹਨਾਂ ਕਿਹਾ ਕਿ ਜਿਹੜੇ 8 ਸਿੰਘਾਂ ਦਾ ਨੋਟੀਫਿਕੇਸ਼ਨ ਜਾਰੀ ਹੋਇਆ, ਉਸ ਵਿਚੋਂ 6 ਪਹਿਲਾਂ ਹੀ ਰਿਹਾਅ ਹੋ ਚੁੱਕੇ ਸਨ। ਭਾਈ ਲਾਲ ਸਿੰਘ, ਭਾਈ ਨੰਦ ਸਿੰਘ ਤੇ ਭਾਈ ਸੁਬੇਗ ਸਿੰਘ ਤੇ 3 ਹੋਰ ਸਿੰਘ ਰਿਹਾਅ ਹੋ ਗਏ ਸਨ। ਸਿਰਫ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਤੇ ਭਾਈ ਗੁਰਦੀਪ ਸਿੰਘ ਖਹਿੜਾ ਬੰਦ ਹਨ। ਉਹਨਾਂ ਕਿਹਾ ਕਿ ਅਸੀਂ ਕੇਂਦਰ ਨੁੰ ਚੇਤੇ ਕਰਵਾ ਰਹੇ ਹਾਂ ਕਿ ਤੁਸੀਂ ਆਪਣਾ ਹੀ ਨੋਟੀਫਿਕੇਸ਼ਨ ਲਾਗੂ ਨਹੀਂ ਕਰ ਰਹੇ।
ਉਹਨਾਂ ਨੇ ਇਹ ਵੀ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਫਾਈਲ ਅਰਵਿੰਦ ਕੇਜਰੀਵਾਲ ਸਰਕਾਰ ਦੇ ਟੇਬਲ ’ਤੇ ਪਈ ਹੈ ਪਰ ਉਹ ਫੈਸਲੇ ਨਹੀਂ ਲੈ ਰਹੀ। ਉਹਨਾਂ ਕਿਹਾ ਕਿ ਇਸ ਮਾਮਲੇ ’ਤੇ ਵੀ ਤੁਰੰਤ ਫੈਸਲਾ ਲਿਆ ਜਾਦਾ ਚਾਹੀਦਾ ਹੈ। ਇਸ ਮੌਕੇ ਸਰਦਾਰ ਵਲਟੋਹਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਸਿੱਖ ਨੌਜਵਾਨਾਂ ਨੁੰ ਝੂਠੇ ਮੁਕਾਬਲਿਆਂ ਵਿਚ ਮਾਰਨ ਲਈ ਅਦਾਲਤਾਂ ਵੱਲੋਂ ਦੋਸ਼ੀ ਠਹਿਰਾਏ ਗਏ ਪੁਲਿਸ ਮੁਲਾਜ਼ਮਾਂ ਦੀਆ ਸਜ਼ਾਵਾਂ ਸਪੈਸ਼ਲ ਪਾਵਰਾਂ ਤਹਿਤ ਮੁਆਫ ਕਰਨ ਅਤੇ ਇੰਦਰਾ ਗਾਂਧੀ ਨੁੰ ਜੇਲ੍ਹ ਵਿਚ ਬੰਦ ਕਰਨ ਦੇ ਫੈਸਲੇ ਖਿਲਾਫ ਹਵਾਈ ਜਹਾਜ਼ ਅਗਵਾ ਕਰਨ ਵਾਲੇ ਯੂ ਪੀ ਦੇ ਦੋ ਪਾਂਡਵ ਭਰਾਵਾਂ ਨੂੰ ਨਾ ਸਿਰਫ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਰਿਹਾਅ ਕਰਨ ਤੇ ਫਿਰ ਰਾਜ ਸਭਾ ਮੈਂਬਰ ਬਣਾਉਣ ਦੇ ਮਾਮਲਿਆਂ ਦਾ ਹਵਾਲਾ ਦਿੱਤਾ ਤੇ ਸਵਾਲ ਕੀਤਾ ਕਿ ਇਹ ਦੋਹਰੇ ਮਾਪਦੰਡ ਕਿਉਂ ਅਪਣਾਏ ਜਾ ਰਹੇ ਹਨ।
ਸਵਾਲਾਂ ਦੇ ਜਵਾਬ ਦਿੰਦਿਆਂ ਸਰਦਾਰ ਵਲਟੋਹਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਗੁੰਮਰਾਹਕੁੰਨ ਪ੍ਰਚਾਰ ਦੇ ਬਲਬੂਤੇ ਸੱਤਾ ਹਾਸਲ ਕੀਤੀ। ਉਹਨਾਂ ਕਿਹਾ ਕਿ ਗਰੰਟੀ ਸ਼ਬਦ ਪਹਿਲੀ ਵਾਰ ਸਿਆਸਤ ਵਿਚ ਸੁਣਿਆ ਹੈ। ਉਹਨਾਂ ਕਿਹਾ ਕਿ ਇਕ ਮਹੀਨੇ ਵਿਚ ਹੀ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।