ਬਰਨਾਲਾ, 8 ਮਈ (ਅਸ਼ੂ ਸ਼ਰਮਾ) – ਬਰਨਾਲਾ ਸ਼ਹਿਰ ਵਿੱਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਧਰਨਾ ਦੇ ਰਹੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨਾਲ ਪੁਲਿਸ ਦੀ ਝੜਪ ਹੋ ਗਈ। ਇਸ ਝੜਪ ਵਿੱਚ ਕਈ ਬੇਰੁਜਗਾਰ ਅਧਿਆਪਕ ਜ਼ਖ਼ਮੀ ਹੋ ਗਏ ਹਨ। ਪੁਲਿਸ ਨੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨਾਲ ਕੁੱਟਮਾਰ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।
ਪੀਟੀਆਈ ਅਧਿਆਪਕਾਂ ਦੀ ਪੁਲਿਸ ਨਾਲ ਝੜਪ ਤੋਂ ਬਾਅਦ ਕਈ ਅਧਿਆਪਕ ਸੜਕ ‘ਤੇ ਹੀ ਬੇਹੋਸ਼ ਹੋ ਗਏ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਦੇ ਘਰ ਦੇ ਆਲੇ-ਦੁਆਲੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਗ੍ਰਿਫਤਾਰ ਅਧਿਆਪਕਾਂ ਨੇ ਕਿਹਾ ਕਿ ਆਪਣੇ ਆਪ ਨੂੰ ਆਮ ਲੋਕਾਂ ਦੀ ਸਰਕਾਰ ਕਹਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੀਆਂ ਸਰਕਾਰਾਂ ਨਾਲੋਂ ਵੱਧ ਧੱਕਾ ਕਰ ਰਹੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਸੂਬੇ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਵੱਖ-ਵੱਖ ਚਾਰ ਯੂਨੀਅਨਾਂ ਦੇ ਬੇਰੁਜਗਾਰ ਅਧਿਆਪਕਾਂ ਨੇ ਪ੍ਰਦਰਸ਼ਨ ਕੀਤਾ ਸੀ। ਉਸ ਸਮੇਂ ਵੀ ਪ੍ਰਦਰਸ਼ਨਕਾਰੀ ਮੀਤ ਹੇਅਰ ਦੇ ਘਰ ਵੱਲ ਵਧਣ ਲਈ ਕਾਹਲੇ ਸਨ ਪਰ ਪੁਲਿਸ ਫੋਰਸ ਨੇ ਸਿੱਖਿਆ ਮੰਤਰੀ ਦੀ ਸੁਰੱਖਿਆ ਲਈ ਇਲਾਕੇ ਨੂੰ ਪੁਲਿਸ ਛਾਉਣੀ ਵਿੱਚ ਬਦਲ ਦਿੱਤਾ ਸੀ।
ਪੰਜਾਬ ਦੇ ਆਗੂਆਂ ਦਾ ਕਹਿਣਾ ਹੈ ਕਿ ਬੇਸ਼ੱਕ ਆਮ ਆਦਮੀ ਪਾਰਟੀ ਦੀ ਸਰਕਾਰ, ਪੜ੍ਹੇ ਲਿਖੇ ਨੌਜਵਾਨਾਂ ਨਾਲ ਬੇਰੁਜਗਾਰੀ ਦੀ ਸਮੱਸਿਆ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਹੈ ਪਰ ਸੱਤਾ ਸੰਭਾਲਦਿਆਂ ਹੀ ਸਿੱਖਿਆ ਵਿਭਾਗ ਵੱਲੋਂ ਬੇਰੁਜਗਾਰਾਂ ਨੂੰ ਰੁਜ਼ਗਾਰ ਦੇਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਸਿੱਖਿਆ ਮੰਤਰੀ ਨੂੰ ਉਨ੍ਹਾਂ ਦੀ ਸਰਕਾਰ ਦਾ ਵਾਅਦਾ ਯਾਦ ਕਰਵਾਉਣ ਅਤੇ ਅਧਿਆਪਕਾਂ ਦੀਆਂ ਵੱਖ ਵੱਖ ਅਸਾਮੀਆਂ ਦੀ ਭਰਤੀ ਲਈ ਪ੍ਰਕਿਰਿਆ ਬਿਨਾਂ ਕਿਸੇ ਦੇਰੀ ਤੋਂ ਸ਼ੁਰੂ ਕਰਨ ਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਆਏ ਹਨ।













