ਗੁਰਦਾਸਪੁਰ, 9 ਮਈ (ਸ਼ਿਵਾ) – ਸ਼ੋਮਣੀ ਅਕਾਲੀ ਦਲ ਦੀ ਜ਼ਿਲਾ ਜਥੇਬੰਦੀ ਵੱਲੋਂ ਪੰਜਾਬ ਦੇ ਭਖਦੇ ਮਸਲਿਆਂ ਸੰਬੰਧੀ ਪੰਜਾਬ ਦੇ ਰਾਜਪਾਲ ਨੂੰ ਸੋਮਵਾਰ ਨੂੰ ਗੁਰਦਾਸਪਰੁ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੇ ਰਾਹੀ ਮੰਗ ਪੱਤਰ ਭੇਜਿਆ ਗਿਆ। ਮੰਗ ਪੱਤਰ ਦੇਣ ਮੌਕੇ ਸ. ਗੁਰਬਚਨ ਸਿੰਘ ਬੱਬੇਹਾਲੀ, ਸ. ਸੁੱਚਾ ਸਿੰਘ ਛੋਟੇਪੁਰ’ ਸ.ਲਖਬੀਰ ਸਿੰਘ ਲੋਧੀਨੰਗਲ’ ਗੁਰਇਕਬਾਲ ਸਿੰਘ ਮਾਹਲ, ਸ.ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ, ਗੁਰਜੀਤ ਸਿੰਘ ਬਿਜਲੀਵਾਲ, ਬਲਦੇਵ ਸਿੰਘ ਸੇਖਵਾਂ ਮਨਮੋਹਨ ਸਿੰਘ ਪੱਖੋਕੇ, ਨਰਿੰਦਰ ਸਿੰਘ ਸੇਖਵਾਂ ਅਤੇ ਰਾਜਨਬੀਰ ਸਿੰਘ ਘੁਮਾਣ ਸ਼ਾਮਿਲ ਸਨ। ਬਿਜਲੀ ਦੀ ਸਮੱਸਿਆ ਸਬੰਧੀ ਮੰਗ ਪੱਤਰ ਵਿੱਚ ਲਿਖਿਆਂ ਗਿਆ ਕਿ ਇਸ ਵੇਲੇ ਸਮੁੱਚਾ ਪੰਜਾਬ ਬਿਜਲੀ
ਸਪਲਾਈ ਦੇ ਗੰਭੀਰ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਪੰਜਾਬ ਦੇ ਸਾਰੇ ਵਰਗਾਂ ਜਿਹਨਾਂ ਵਿੱਚ ਕਿਸਾਨੀ, ਇੰਡਸਟਰੀ, ਦੁਕਾਨਦਾਰ, ਵਪਾਰੀ ਅਤੇ ਘਰੇਲੂ ਖਪਤਕਾਰ ਸ਼ਾਮਲ ਹਨ ਵੱਡੇ-ਵੱਡੇ ਬਿਜਲੀ ਕੱਟਾਂ ਕਾਰਨ ਤਰਾਹ-ਤਰਾਹ ਕਰ ਰਹੇ ਹਨ। ਬੜੀ ਹੈਰਾਨੀ ਦੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਬੜੀ ਮਿਹਨਤ ਕਰਕੇ ਪੰਜਾਬ ਨੂੰ ਬਿਜਲੀ ਦੇ ਖੇਤਰ ਵਿੱਚ ‘ਸਰਪੱਲਸ’ ਸੂਬਾ ਬਣਾਇਆ ਸੀ । ਪਰ ਪਹਿਲਾਂ ਪੰਜ ਸਾਲ ਕਾਂਗਰਸ ਪਾਰਟੀ ਦੀਆਂ ਮਾੜੀਆਂ ਅਤੇ ਲੋਕ ਵਿਰੋਧੀ ਨੀਤੀਆਂ ਕਾਰਨ ਸੂਬੇ ਨੂੰ ਗੰਭੀਰ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪਿਆ। ਸੂਬੇ ਦੀ ਵਧਦੀ ਖਪਤ ਸਬੰਧੀ ਦਰਪੇਸ਼ ਚੁਣੌਤੀਆਂ ਦਾ ਮੁਕਾਬਲਾ ਕਰਨ ਵਾਸਤੇ 5 ਸਾਲਾਂ ਦੇ ਰਾਜ ਵਿੱਚ ਕਾਂਗਰਸ ਨੇ ਇੱਕ ਵੀ ਯੂਨਿਟ ਬਿਜਲੀ ਪੈਦਾ ਕਰਨ ਦਾ ਉਪਰਾਲਾ ਨਹੀਂ ਕੀਤਾ ਜਦੋਂ ਕਿ ਸਪਲਾਈ ਦੀ ਮੰਗ 5 ਸਾਲਾਂ ਵਿੱਚ ਬਹੁਤ ਵਧ ਚੁੱਕੀ ਹੈ। ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਬੇਹੱਦ ਮਾੜੇ ਪ੍ਰਬੰਧ ਅਤੇ ਘਟੀਆ ਕਾਰਗੁਜਾਰੀ ਕਰਕੇ
ਬਿਜਲੀ ਸੰਕਟ ਹੋਰ ਵੀ ਗੰਭੀਰ ਹੋ ਚੁੱਕਾ ਹੈ ਅਤੇ ਸੂੁਬਾ ਅਜਿਹੇ ਹਾਲਾਤ ਵਿੱਚ ਪਹੁੰਚ ਚੁੱਕਿਆ ਹੈ ਕਿ ਉਪਰੋਕਤ ਸਾਰੇ ਵਰਗਾਂ ਵਿੱਚ ਹਾਹਾਕਾਰ ਮਚੀ ਹੋਈ ਹੈ। ਪਰ ਇਸ ਸੰਕਟ ਨੂੰ ਹੱਲ ਕਰਨ ਲਈ ਸਰਕਾਰ ਅੱਜ ਵੀ ਸੁਹਿਰਦ ਨਹੀਂ। ਮੰਗ ਕਰਦੇ ਅਕਾਲੀ ਦਲ ਨੇ ਕਿਹਾ ਕਿ ਝੋਨੇ ਦੀ ਲਵਾਈ ਦੇ ਸੀਜਨ ਨੂੰ ਦੇਖਦੇ ਹੋਏ ਅਤੇ ਬਾਕੀ ਵਰਗਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਨੂੰ ਸਖਤ ਤਾੜਨਾ ਕਰਦੇ ਹੋਏ ਬਿਜਲੀ ਸੰਕਟ ਦਾ ਤੂਰੰਤ ਹੱਲ ਕੱਢਣ ਦੀ ਸਖਤ ਹਦਾਇਤਾਂ ਜਾਰੀ ਕੀਤੀਆਂ ਜਾਣ।
ਕਿਸਾਨਾਂ ਨੂੰ ਮੁਆਵਜੇ ਸਬੰਧੀ।
ਅਕਾਲੀ ਦਲ ਵੱਲੋਂ ਮੰਗ ਕੀਤੀ ਗਈ ਕਿ ਮਾਰਚ ਮਹੀਨੇ ਵਿੱਚ ਇੱਕ ਦਮ ਗਰਮੀ ਵਧਣ ਕਰਕੇ ਸੂਬੇ ਵਿੱਚ ਕਣਕ ਦੇ ਝਾੜ ਵਿੱਚ ਵੱਡੀ ਕਮੀ ਆਈ ਹੈ ਜਿਸ ਕਾਰਨ ਕਿਸਾਨਾਂ ਨੂੰ ਬਹੁਤ ਵੱਡਾ ਆਰਥਿਕ ਨੁਕਸਾਨ ਹੋਇਆ ਹੈ। ਇਹ ਕੁਦਰਤੀ ਮਾਰ ਹੈ ਅਤੇ ਇਸ ਵਿੱਚ ਕਿਸਾਨ ਦੀ ਮੱਦਦ ਕਰਨਾ ਸਰਕਾਰ ਦਾ ਨੈਤਿਕ ਫਰਜ ਬਣਦਾ ਹੈ। ਪਰ ਹੈਰਾਨੀ ਹੈ ਕਿ ਹਾਲੇ ਤੱਕ ਪੰਜਾਬ ਸਰਕਾਰ ਵੱਲੋਂ ਇਸ ਨੂੰ ਅਝੇ ਤੱਕ ਕੂਦਰਤੀ ਆਫਤ ਘੋਸ਼ਿਤ ਨਹੀਂ ਕੀਤਾ ਗਿਆ ਅਤੇ ਨਾਂ ਹੀ ਕਿਸਾਨਾਂ ਨੂੰ ਮੁਆਵਜੇ ਦੇ ਕੇਸ ਬਣਾ ਕੇ ਕੇਂਦਰ ਸਰਕਾਰ ਕੋਲ ਭੇਜਿਆ ਗਿਆ। ਇਹ ਸੂਬਾ ਸਰਕਾਰ ਦੀ ਘੋਰ ਅਣਗਹਿਲੀ ਹੈ ਜਿਸਦਾ ਖਮਿਆਜਾ ਪੰਜਾਬ ਭਰ ਦੇ ਕਿਸਾਨਾਂ ਨੂੰ ਝੱਲਣਾ ਪੈ ਰਿਹਾ ਹੈ। ਅਜਿਹੇ ਨਾਜੁਕ ਹਾਲਾਤ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਅਪ੍ਰੈਲ ਮਹੀਨੇ ਵਿੱਚ ਹੀ ਖੁਦਕੁਸ਼ੀਆਂ ਵੀ ਕਰ ਚੁੱਕੇ ਹਨ। ਪਰ ਪੰਜਾਬ ਅਤੇ ਕੇਂਦਰ ਦੀਆਂ ਸਰਕਾਰਾਂ ਕੁੰਭਕਰਨੀ ਨੀਂਦ ਸੁੱਤੀਆਂ ਪਈਆਂ ਹਨ। ਅਸੀਂ ਮੰਗ ਕਰਦੇ ਹਾਂ ਕਿ ਉਪਰੋਕਤ ਦੇ ਮੱਦੇਨਜ਼ਰ ਤੁਰੰਤ ਪੰਜਾਬ ਦੇ ਸਾਰੇ ਪੀੜ੍ਹਤ ਕਿਸਾਨਾਂ ਨੂੰ 500 ਰੁਪਏ ਪ੍ਰਤੀ ਕੁਵਿੰਟਲ ਮੁਆਵਜਾ ਦਿੱਤਾ ਜਾਵੇ।
ਅਮਨ ਅਤੇ ਕਾਨੂੰਨ ਦੀ ਵਿਵਸਥਾ ਸਬੰਧੀ।
ਰਾਜਪਾਲ ਦੇ ਧਿਆਨ ਵਿੱਚ ਲਿਆਉਦੇ ਹੋਏ ਅਕਾਲੀ ਦਲ ਵੱਲੋਂ ਕਿਹਾ ਗਿਆ ਕਿ ਜਿਸ ਦਿਨ ਦੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਸ ਦਿਨ ਤੋਂ ਲੈ ਕੇ ਅੱਜ ਤੱਕ ਸਾਰੇ ਸੂਬੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਬੇਹੱਦ ਨਿਘਰ ਚੁੱਕੀ ਹੈ। ਹਰ ਰੋਜ ਕਤਲ, ਲੁੱਟਾਂ-ਖੋਹਾਂ, ਡਾਕੇ ਲਗਾਤਾਰ ਵਾਪਰ ਰਹੇ ਹਨ। ਪਰ
ਸੂਬਾ ਸਰਕਾਰ ਕੰਟਰੋਲ ਕਰਨ ਵਾਸਤੇ ਬੇਵੱਸ ਨਜ਼ਰ ਆ ਰਹੀ ਹੈ।