ਅੰਮ੍ਰਿਤਸਰ, 28 ਜੂਨ – ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿਚ ਪੰਜਾਬ ਪੁਲਿਸ ਦੀ ਹਿਰਾਸਤ ਵਿਚ ਚੱਲ ਰਹੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਹੁਣ ਅੰਮ੍ਰਿਤਸਰ ਪੁਲਿਸ ਨੇ 8 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਹਾਲਾਂਕਿ ਇਹ ਰਿਮਾਂਡ ਅੰਮ੍ਰਿਤਸਰ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਨਾਲ-ਨਾਲ 3 ਅਗਸਤ ਨੂੰ ਅੰਮ੍ਰਿਤਸਰ ਵਿੱਚ ਹੋਏ ਰਾਣਾ ਕੰਧੋਵਾਲੀਆ ਕਤਲ ਕੇਸ ਦੇ ਸਬੰਧ ਵਿੱਚ ਹਾਸਲ ਕੀਤਾ ਹੈ।
ਰਿਮਾਂਡ ਹਾਸਲ ਕਰਨ ਲਈ ਅੰਮ੍ਰਿਤਸਰ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਭਾਰੀ ਸੁਰੱਖਿਆ ਦੇ ਵਿਚ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕਰਨ ਲਈ ਲੈ ਕੇ ਆਈ। ਰਿਮਾਂਡ ਦੌਰਾਨ ਉਸ ਕੋਲੋਂ ਸਿੱਧੂ ਮੂਸੇਵਾਲਾ ਅਤੇ ਰਾਣਾ ਕੰਧੋਵਾਲੀਆ ਕਤਲ ਕੇਸਾਂ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ। ਲਾਰੈਂਸ ਨੂੰ ਸੋਮਵਾਰ ਦੇਰ ਰਾਤ 12.30 ਵਜੇ ਸਖ਼ਤ ਸੁਰੱਖਿਆ ਵਿਚਕਾਰ ਅੰਮ੍ਰਿਤਸਰ ਲਿਆਂਦਾ ਗਿਆ।ਜਾਣਕਾਰੀ ਮੁਤਾਬਕ ਰਾਣਾ ਕੰਧੋਵਾਲੀਆ ਨੂੰ ਅੰਮ੍ਰਿਤਸਰ ਦੇ ਸਰਕੂਲਰ ਰੋਡ ‘ਤੇ ਸਥਿਤ ਕੇਡੀ ਹਸਪਤਾਲ ‘ਚ ਰਾਤ ਸਮੇਂ ਉਸ ਸਮੇਂ ਗੋਲੀ ਮਾਰ ਦਿੱਤੀ ਗਈ ਸੀ, ਜਦੋਂ ਉਹ ਹਸਪਤਾਲ ‘ਚ ਦਾਖਲ ਆਪਣੇ ਪਿੰਡ ਦੀ ਇਕ ਔਰਤ ਨੂੰ ਮਿਲਣ ਗਏ ਹੋਏ ਸਨ। ਕਤਲ ਤੋਂ ਅਗਲੇ ਦਿਨ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਮਗਰੋਂ ਪੁਲੀਸ ਨੇ ਜੱਗੂ, ਜਗਰੋਸ਼ਨ ਸਿੰਘ ਹੁੰਦਲ, ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਲਾਰੈਂਸ ਬਿਸ਼ਨੋਈ ਖ਼ਿਲਾਫ਼ ਕੇਸ ਦਰਜ ਕੀਤਾ ਸੀ