ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਰੈਵਿਨਊ ਆਫ਼ੀਸਰਜ਼ ਐਸੋਸੀਏਸ਼ਨ ਵੱਲੋਂ ਦਬਾਵ ਬਨਾਉਣ ਲਈ ਕੀਤੇ ਜਾ ਰਹੇ ਯਤਨਾਂ ਅੱਗੇ ਨਹੀਂ ਝੁਕੇਗੀ ਅਤੇ ਜਿਹੜੇ ਮੁਲਾਜ਼ਮ ਆਪਣੇ ਫਾਇਦੇ ਲਈ ਦਬਾਅ ਬਣਾਉਣ ਵਾਸਤੇ ਸਰਕਾਰੀ ਕੰਮ ਵਿਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰਨਗੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਗੱਲ ਮਾਲ ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਪੰਜਾਬ ਰੈਵਿਨਊ ਆਫ਼ੀਸਰਜ਼ ਐਸੋਸੀਏਸ਼ਨ ਵੱਲੋਂ 11 ਜੁਲਾਈ ਤੋਂ ਦਿੱਤੇ ਹੜਤਾਲ ਦੇ ਸੱਦੇ ਤੇ ਪ੍ਰਤੀਕ੍ਰਿਆ ਜਾਹਿਰ ਕਰਦੇ ਕਹੀ। ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਹੜਤਾਲ ਗੈਰ ਕਾਨੂੰਨੀ ਵਿਕਾਸ ਵਿਰੋਧੀ ਅਤੇ ਲੋਕ ਹਿੱਤਾਂ ਦੇ ਵਿਰੁੱਧ ਮੰਨੀ ਜਾਵੇਗੀ ਕਿਉਂਕਿ ਐਸੋਸੀਏਸ਼ਨ ਦੇ ਬੈਨਰ ਹੇਠ ਕੁਝ ਵਿਅਕਤੀ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਮੁਲਾਜ਼ਮ ਭਾਈਚਾਰੇ ਨੂੰ ਗੁੰਮਰਾਹ ਕਰ ਰਹੇ ਹਨ। ਉਹਨਾਂ ਸਮੂਹ ਮਾਲ ਕਰਮਚਾਰੀਆਂ ਨੂੰ ਸੂਬੇ ਦੀ ਭਲਾਈ ਲਈ ਇਸ ਦੌਰਾਨ ਸਖ਼ਤ ਮਿਹਨਤ ਜਾਰੀ ਰੱਖਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਅਸਲ ਵਿਚ ਬਹੁਗਿਣਤੀ ਮੁਲਾਜ਼ਮ ਇਸ ਤਰਾਂ ਦੀਆਂ ਦਬਾਅ ਬਣਾਉਣ ਵਾਲੀਆਂ ਕੋਸ਼ਿਸ਼ਾਂ ਨੂੰ ਪ੍ਰਵਾਨ ਨਹੀਂ ਕਰਦੇ ਅਤੇ ਸੂਬਾ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਆਨਲਾਈਨ ਪੋਰਟਲ ਸ਼ੁਰੂ ਕੀਤਾ ਗਿਆ ਹੈ ਜਿੱਥੇ ਨਾਗਰਿਕ ਪਲਾਟਾਂ ਦੇ ਕਬਜ਼ੇ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਮਾਲ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਜਲਦੀ ਪੰਜਾਬ ਦੇ ਲੋਕਾਂ ਲਈ ਈ ਨਿਸ਼ਾਨਦੇਹੀ ਸ਼ੁਰੂ ਕਰੇਗੀ।