ਕੈਬਨਿਟ ਮੰਤਰੀ ਧਾਲੀਵਾਲ ਤੇ ਹੋਰ ਆਗੂਆਂ ਨੇ ਉਪਦੇਸ਼, ਗੁਰਲੀਨ ਕਲਸੀ ਅਤੇ ਸੁਨੀਲ ਸੋਢੀ ਨੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ
ਬਟਾਲਾ, 12 ਜੁਲਾਈ ( ਸੁਖਨਾਮ ਸਿੰਘ) – ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਬਟਾਲਾ ਪਹੁੰਚ ਕੇ ਆਮ ਆਦਮੀ ਪਾਰਟੀ ਦੇ ਆਗੂ ਉਪਦੇਸ਼ ਕੁਮਾਰ ਪੀ.ਏ., ਗੁਰਲੀਨ ਸਿੰਘ ਕਲਸੀ ਅਤੇ ਸੁਨੀਲ ਸੋਢੀ ਦੀ ਸੜਕ ਹਾਦਸੇ ਵਿੱਚ ਹੋਈ ਬੇਵਕਤੀ ਮੌਤ ’ਤੇ ਪੀੜ੍ਹਤ ਪਰਿਵਾਰਾਂ ਅਤੇ ਵਿਧਾਇਕ ਅਮਨ ਸ਼ੇਰ ਸਿੰਘ ਕਲਸੀ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਆਪ ਦੇ ਸੀਨੀਅਰ ਆਗੂ ਜਗਰੂਪ ਸਿੰਘ ਸੇਖਵਾਂ ਅਤੇ ਐੱਸ.ਐੱਸ ਬੋਰਡ ਦੇ ਸਾਬਕਾ ਚੇਅਰਮੈਨ ਰਮਨ ਬਹਿਲ ਤੇ ਹੋਰ ਆਗੂ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪੀੜ੍ਹਤ ਪਰਿਵਾਰਾਂ ਦਾ ਦੁੱਖ ਵੰਡਾਉਂਦਿਆਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦਾ ਭਰ ਜਵਾਨੀ ਵਿੱਚ ਜਹਾਨੋਂ ਰੁਖਸਤ ਹੋ ਜਾਣਾ ਕਦੀ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਉਪਦੇਸ਼ ਕੁਮਾਰ, ਗੁਰਲੀਨ ਸਿੰਘ ਕਲਸੀ ਅਤੇ ਸੁਨੀਲ ਸੋਢੀ ਦੇ ਤੁਰ ਜਾਣ ਨਾਲ ਜਿਥੇ ਪਰਿਵਾਰਾਂ ਨੂੰ ਬਹੁਤ ਵੱਡੀ ਸੱਟ ਲੱਗੀ ਹੈ ਓਥੇ ਪਾਰਟੀ ਲਈ ਵੀ ਇਹ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਪੂਰੀ ਪੰਜਾਬ ਸਰਕਾਰ ਪੀੜ੍ਹਤ ਪਰਿਵਾਰਾਂ ਦੇ ਦੁੱਖ ਵਿੱਚ ਸ਼ਾਮਲ ਹੈ। ਸ. ਧਾਲੀਵਾਲ ਨੇ ਪਰਮਾਤਮਾ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ। ਇਸ ਮੌਕੇ ਆਪ ਦੇ ਸੀਨੀਅਰ ਆਗੂ ਜਗਰੂਪ ਸਿੰਘ ਸੇਖਵਾਂ ਅਤੇ ਸਾਬਕਾ ਚੇਅਰਮੈਨ ਰਮਨ ਬਹਿਲ ਨੇ ਪੀੜ੍ਹਤ ਪਰਿਵਾਰਾਂ ਨਾਲ ਦੁੱਖ ਵੰਡਾਇਆ।
ਇਸ ਮੌਕੇ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਸੜਕ ਹਾਦਸੇ ਵਿੱਚ ਜਾਨਾਂ ਗੁਵਾਉਣ ਵਾਲੇ ਸਾਥੀ ਉਸਦੀਆਂ ਬਾਹਵਾਂ ਸਨ ਅਤੇ ਉਨ੍ਹਾਂ ਦੇ ਚਲੇ ਜਾਣ ਨਾਲ ਜੋ ਘਾਟਾ ਉਨ੍ਹਾਂ ਨੂੰ ਪਿਆ ਹੈ ਉਹ ਨਾ ਪੂਰਾ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਵਿਛੜੇ ਸਾਥੀਆਂ ਦੇ ਪਰਿਵਾਰ ਉਸਦੇ ਆਪਣੇ ਪਰਿਵਾਰ ਹਨ ਅਤੇ ਉਹ ਉਨ੍ਹਾਂ ਦੇ ਪੁੱਤਰ ਬਣ ਕੇ ਉਨ੍ਹਾਂ ਦੀ ਸੇਵਾ ਕਰਨਗੇ।