ਡੀ.ਬੀ.ਈ.ਈ. ਵੱਲੋਂ ਰੋਜ਼ਗਾਰ ਤੇ ਕਰੀਅਰ ਕਾਊਂਸਲਿੰਗ ਸਬੰਧੀ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇ : ਵਧੀਕ ਡਿਪਟੀ ਕਮਿਸ਼ਨਰ
ਵਿਦਿਆਰਥੀਆਂ ਨੂੰ ਕਰੀਅਰ ਕਾਊਂਲਿੰਗ ਪ੍ਰਦਾਨ ਕਰਨ ’ਤੇ ਦਿੱਤਾ ਜ਼ੋਰ
ਜਲੰਧਰ, 1 ਦਸੰਬਰ (ਹਰਪਰਵੇਸ਼ ਸਿੰਘ)
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ ਨੇ ਅੱਜ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਕਰੀਅਰ ਕਾਊਂਸਲਿੰਗ ਸਬੰਧੀ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਲੋਕਾਂ ਵਿੱਚ ਵੱਡੇ ਪੱਧਰ ’ਤੇ ਜਾਗਰੂਕਤਾ ਪੈਦਾ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਣ।
ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਦੀ ਗਵਰਨਿੰਗ ਬਾਡੀ ਦੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਲਾਈਨ ਵਿਭਾਗਾਂ ਦੇ ਤਾਲਮੇਲ ਨਾਲ ਡੀ.ਬੀ.ਈ.ਈ. ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਅਤੇ ਕੈਰੀਅਰ ਕਾਊਂਸਲਿੰਗ ਸਬੰਧੀ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵੱਡੇ ਪੱਧਰ ’ਤੇ ਜਾਗਰੂਕ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਦੇ ਨੌਜਵਾਨ ਇਨ੍ਹਾਂ ਸੇਵਾਵਾਂ ਦਾ ਵੱਧ ਤੋਂ ਵੱਧ ਫਾਇਦਾ ਉਠਾ ਸਕਣ। ਵਿਦਿਆਰਥੀਆਂ ਨੂੰ ਕਰੀਅਰ ਕਾਊਂਸਲਿੰਗ ਪ੍ਰਦਾਨ ਕਰਨ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਵਿੱਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਕਰੀਅਰ ਕਾਊਂਸਲਿੰਗ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਭਵਿੱਖ ਵਿੱਚ ਸਹੀ ਕਿੱਤੇ ਦੀ ਚੋਣ ਕਰਨ ਵਿੱਚ ਆਸਾਨੀ ਹੋਵੇ। ਉਨ੍ਹਾਂ ਵਿਦਿਆਰਥੀਆਂ ਨੂੰ ਵਿਭਾਗ ਦੇ ਆਨਲਾਈਨ ਪੋਰਟਲ www.pgrkam.com ’ਤੇ ਰਜਿਸਟਰ ਕਰਨ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਵੀ ਕਿਹਾ ਤਾਂ ਜੋ ਉਹ ਰਜਿਸਟਰ ਹੋਣ ਉਪਰੰਤ ਲੋੜੀਂਦੀ ਰੋਜ਼ਗਾਰ ਸਹਾਇਤਾ ਪ੍ਰਾਪਤ ਕਰ ਸਕਣ।
ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਲਾਈਨ ਵਿਭਾਗਾਂ ਨੂੰ ਕਿਹਾ ਕਿ ਉਹ ਆਪਣੇ ਵਿਭਾਗ ਨਾਲ ਸਬੰਧਤ ਤੇ ਆਪਣੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਪ੍ਰਾਈਵੇਟ ਅਦਾਰਿਆਂ/ਏਜੰਸੀਆਂ ਆਦਿ ਪਾਸ ਪਈਆਂ ਖਾਲੀ ਅਸਾਮੀਆਂ ਸਬੰਧੀ ਬਿਊਰੋ ਵਿਖੇ ਜਾਣਕਾਰੀ ਦੇਣਾ ਯਕੀਨੀ ਬਣਾਉਣ ਤਾਂ ਜੋ ਡੀ.ਬੀ.ਈ.ਈ. ਵੱਲੋਂ ਉਕਤ ਅਦਾਰਿਆਂ ਨਾਲ ਤਾਲਮੇਲ ਕਰਕੇ ਨੌਜਵਾਨਾਂ ਦੀ ਰੋਜ਼ਗਾਰ ਪ੍ਰਾਪਤੀ ਵਿੱਚ ਮਦਦ ਕੀਤੀ ਜਾ ਸਕੇ। ਇਸ ਤੋਂ ਇਲਾਵਾ ਅਦਾਰਿਆਂ ਨੂੰ ਵੀ ਲੋੜੀਂਦੀ ਕਿਰਤ ਸ਼ਕਤੀ ਮੁਹੱਈਆ ਕਰਵਾਈ ਜਾ ਸਕੇ। ਸਵੈ ਰੋਜ਼ਗਾਰ ਸਬੰਧੀ ਲੋਨ ਕੇਸਾਂ ਦੀ ਸਮੀਖਿਆ ਕਰਦਿਆਂ ਸ਼੍ਰੀ ਬਾਜਵਾ ਨੇ ਕਿਹਾ ਕਿ ਜ਼ਿਲ੍ਹਾ ਉਦਯੋਗ ਕੇਂਦਰ, ਬੈਂਕਫਿੰਕੋ, ਐਸ.ਸੀ. ਕਾਰੋਪੋਰਸ਼ਨ, ਐਲ.ਡੀ.ਐਮ. ਆਦਿ ਵੱਲੋਂ ਦਿੱਤੇ ਜਾਣ ਵਾਲੇ ਸਵੈ ਰੋਜ਼ਗਾਰ ਕਰਜ਼ਿਆਂ ਅਤੇ ਲਾਭਪਾਤਰੀਆਂ ਦੇ ਵੇਰਵੇ ਹਰ ਮਹੀਨੇ ਡੀ.ਬੀ.ਈ.ਈ. ਨੂੰ ਮੁਹੱਈਆ ਕਰਵਾਉਣੇ ਯਕੀਨੀ ਬਣਾਏ ਜਾਣ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਸਬੰਧੀ ਇਕ ਪੈਂਫਲੈੱਟ ਵੀ ਜਾਰੀ ਕੀਤਾ ਗਿਆ। ਇਸ ਮੌਕੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰਣਜੀਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਡਿਪਟੀ ਸੀ.ਈ.ਓ. ਦੀਪਕ ਭੱਲਾ ਅਤੇ ਲਾਈਨ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।