ਵਿਧਾਇਕ ਤੇ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਪੰਚਾਇਤਾਂ ਦੇ ਆਮ ਇਜਲਾਸਾਂ ’ਚ ਭਰਵੀਂ ਸ਼ਮੂਲੀਅਤ ਦਾ ਸੱਦਾ
ਪਿੰਡ ਵਾਸੀਆਂ ਨੂੰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ
ਆਮ ਇਜਲਾਸਾਂ ’ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਲੋਕ ਭਲਾਈ ਸਕੀਮਾਂ ਸਬੰਧੀ ਦਿੱਤੀ ਜਾਣਕਾਰੀ
ਜਲੰਧਰ, 1 ਦਸੰਬਰ (ਹਰਪਾਰਵੇਸ਼ ਸਿੰਘ)
ਵਿਧਾਇਕ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਜ਼ਿਲ੍ਹੇ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਦੇ 31 ਦਸੰਬਰ ਤੱਕ ਕਰਵਾਏ ਜਾਣ ਵਾਲੇ ਆਮ ਇਜਲਾਸਾਂ ਵਿੱਚ ਪਿੰਡ ਵਾਸੀਆਂ ਨੂੰ ਵਧ-ਚੜ੍ਹ ਕੇ ਹਿੱਸਾ ਲੈਣ ਸੱਦਾ ਦਿੱਤਾ।
ਅੱਜ ਇਥੇ ਬਲਾਕ ਜਲੰਧਰ ਪੱਛਮੀ ਦੇ ਪਿੰਡ ਨਿੱਜਰਾਂ ਅਤੇ ਗਿੱਲ ਵਿਖੇ ਗ੍ਰਾਮ ਪੰਚਾਇਤਾਂ ਦੇ ਆਮ ਇਜਲਾਸਾਂ ਵਿੱਚ ਸ਼ਿਰਕਤ ਕਰਦਿਆਂ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪਿੰਡਾਂ ਦੇ ਲੋਕਾਂ ਦੀ ਭਰਵੀਂ ਸ਼ਮੂਲੀਅਤ ਨਾਲ ਗ੍ਰਾਮ ਪੰਚਾਇਤਾਂ ਦੇ ਆਮ ਇਜਲਾਸਾਂ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਪਿੰਡ ਵਾਸੀ ਆਪਣੇ ਪਿੰਡਾਂ ਦੇ ਵਿਕਾਸ ਲਈ ਲਏ ਜਾਣ ਵਾਲੇ ਅਹਿਮ ਫੈਸਲਿਆਂ ਦੇ ਭਾਗੀਦਾਰ ਬਣ ਸਕਣ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤਾਂ ਦੇ ਆਮ ਇਜਲਾਸਾਂ ਵਿੱਚ ਅਗਲੇ ਵਿੱਤੀ ਸਾਲ ਲਈ ਆਮਦਨ ਤੇ ਖਰਚ ਸਬੰਧੀ ਬਜਟ ਅਨੁਮਾਨ ਦੇ ਨਾਲ-ਨਾਲ ਵਿਕਾਸ ਪ੍ਰੋਗਰਾਮਾਂ ਦੀ ਕਾਰਜ ਯੋਜਨਾ ਨੂੰ ਪਾਸ ਕੀਤਾ ਜਾਂਦਾ ਹੈ, ਜਿਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਵੱਡੇ ਪੱਧਰ ’ਤੇ ਸ਼ਿਰਕਤ ਕਰਨੀ ਚਾਹੀਦੀ ਹੈ।
ਗ੍ਰਾਮ ਸਭਾਵਾਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਗ੍ਰਾਮ ਸਭਾਵਾਂ ਦੇ ਇਜਲਾਸ ਦੌਰਾਨ ਪਾਸ ਕੀਤੇ ਮਤੇ ਅਤੇ ਨਿਰਧਾਰਿਤ ਕੀਤੇ ਗਏ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਦੇ ਸੰਪੂਰਨ ਵਿਕਾਸ ਵੱਲ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ ਕਿਉਂਕਿ ਪੇਂਡੂ ਪੰਜਾਬ ਦੇ ਵਿਕਾਸ ਤੋਂ ਬਿਨਾਂ ਸੂਬੇ ਦੇ ਸਰਵਪੱਖੀ ਵਿਕਾਸ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੀ ਭਲਾਈ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਲੋਕਾਂ ਨੂੰ ਹਰੇਕ ਬਿਲ ’ਤੇ 600 ਯੂਨਿਟ ਮੁਫਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸੂਬੇ ਵਿੱਚ ਪਹਿਲੀ ਵਾਰ 86 ਫੀਸਦੀ ਘਰਾਂ ਨੂੰ ਬਿਜਲੀ ਦਾ ਜ਼ੀਰੋ ਬਿੱਲ ਆਇਆ ਹੈ। ਸੂਬਾ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ 26 ਜਨਵਰੀ 2023 ਤੋਂ ਪਹਿਲਾਂ ਅਜਿਹੇ ਹੋਰ ਕਲੀਨਿਕ ਖੋਲ੍ਹੇ ਜਾ ਰਹੇ ਹਨ।
ਇਸ ਤੋਂ ਪਹਿਲਾਂ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗ੍ਰਾਮ ਪੰਚਾਇਤਾਂ ਦੇ ਆਮ ਇਜਲਾਸਾਂ ਦੌਰਾਨ ਗ੍ਰਾਮ ਸਭਾਵਾਂ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੇ ਫਰਜ਼ਾਂ ਸਬੰਧੀ ਜਾਣਕਾਰੀ ਦੇਣ ਤੋਂ ਇਲਾਵਾ ਪਿੰਡਾਂ ਦੀ ਵਿਕਾਸ ਯੋਜਨਾ ਸਬੰਧੀ ਉਨ੍ਹਾਂ ਦੇ ਸੁਝਾਅ ਲਏ ਜਾ ਰਹੇ ਹਨ ਤਾਂ ਜੋ ਪਿੰਡਾਂ ਦੇ ਸੰਪੂਰਨ ਵਿਕਾਸ ਲਈ ਪੁਖ਼ਤਾ ਕਾਰਜ ਯੋਜਨਾ ਤਿਆਰ ਕੀਤੀ ਜਾ ਸਕੇ। ਇਸ ਤੋਂ ਇਲਾਵਾ ਗ੍ਰਾਮ ਸਭਾਵਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਜ਼ਮੀਨੀ ਪੱਧਰ ਤੱਕ ਇਨ੍ਹਾਂ ਸਕੀਮਾਂ ਦਾ ਲਾਭ ਪੁੱਜਣਾ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੰਗਾਂ ਸੁਣਦਿਆਂ ਉਨ੍ਹਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਵੀ ਦਿਵਾਇਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਪ੍ਰੀਤ ਸਿੰਘ ਗਿੱਲ, ਜ਼ਿਲ੍ਹਾ ਭਲਾਈ ਅਫ਼ਸਰ ਲਖਵਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।